ਲਾਲੜੂ, 28 ਮਾਰਚ (ਰਾਜਬੀਰ ਸਿੰਘ)-ਲਾਲੜੂ ਮੰਡੀ ਵਿਖੇ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ 'ਚ ਇਨਕਲਾਬੀ ਬਦਲਾਅ ਲਿਆਉਣ ਅਤੇ ਲੋਕਾਂ ਨੂੰ ਮੁਫ਼ਤ ਤੇ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ | ਇਥੇ ਕਰੀਬ 22.59 ਲੱਖ ਰੁ. ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ 'ਆਮ ਆਦਮੀ ਕਲੀਨਿਕ' ਦਾ ਉਦਘਾਟਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਨਾਗਰਿਕ ਤੱਕ ਸਿਹਤ ਸੇਵਾਵਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਚੈੱਕਅੱਪ, ਲੈਬ ਟੈਸਟਾਂ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਦੀ ਸਹੂਲਤ ਇਕ ਹੀ ਛੱਤ ਹੇਠ ਦਿੱਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਢਾਂਚੇ ਨੂੰ ਮਜਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਚਾਲੂ ਹੋਣ ਨਾਲ ਲਾਲੜੂ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ 'ਚ ਜਾਣ ਦੀ ਲੋੜ ਘੱਟ ਪਵੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਸਥਾਨਕ ਵਸਨੀਕ ਵੀ ਹਾਜ਼ਰ ਸਨ |