ਜ਼ੀਰਕਪੁਰ, 28 ਮਾਰਚ (ਹੈਪੀ ਪੰਡਵਾਲਾ)-ਨੇੜਲੇ ਪਿੰਡ ਰਾਮਗੜ੍ਹ ਭੁੱਡਾ ਤੇ ਸਨੌਲੀ ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ | ਇਨ੍ਹਾਂ ਪਿੰਡਾਂ 'ਚ ਕ੍ਰਮਵਾਰ 21.38 ਲੱਖ ਰੁ. ਤੇ 24.23 ਲੱਖ ਰੁ. ਦੀ ਲਾਗਤ ਨਾਲ ਤਿਆਰ ਕਰਵਾਏ ਗਏ ਨਵੇਂ 'ਆਮ ਆਦਮੀ ਕਲੀਨਿਕ' ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲੋਕਾਂ ਨੂੰ ਸਮਰਪਿਤ ਕੀਤੇ ਗਏ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡ ਪੱਧਰ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਚੈੱਕਅੱਪ, ਲੈਬ ਟੈਸਟਾਂ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਦੀ ਸਹੂਲਤ ਬਿਨਾਂ ਕਿਸੇ ਝੰਜਟ ਤੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਭਰ 'ਚ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਮੁਫ਼ਤ ਅਤੇ ਬਿਹਤਰ ਇਲਾਜ ਦੀ ਸਹੂਲਤ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਸੂਚੀਬੱਧ ਹਸਪਤਾਲਾਂ 'ਚ ਲੋਕਾਂ ਨੂੰ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਆਮ ਵਰਗ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਸੁਵਿਧਾਵਾਂ ਦਾ ਵਾਧਾ, ਡਾਕਟਰਾਂ ਦੀ ਭਰਤੀ ਤੇ ਆਧੁਨਿਕ ਮੈਡੀਕਲ ਉਪਕਰਨਾਂ ਦੀ ਉਪਲੱਬਧਤਾ ਇਸ ਯੋਜਨਾ ਦੇ ਅਹਿਮ ਹਿੱਸੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਰਾਮਗੜ੍ਹ ਭੁੱਡਾ, ਸਨੌਲੀ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਹੁਣ ਉਨ੍ਹਾਂ ਨੂੰ ਛੋਟੇ-ਮੋਟੇ ਇਲਾਜ ਲਈ ਦੂਰ-ਦਰਾਜ ਦੇ ਹਸਪਤਾਲਾਂ 'ਚ ਜਾਣ ਦੀ ਲੋੜ ਨਹੀਂ ਪਵੇਗੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ, ਸਿਹਤ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ 'ਚ ਸਥਾਨਕ ਵਸਨੀਕ ਵੀ ਹਾਜ਼ਰ ਸਨ |