ਪ੍ਰਬੰਧਾਂ ਦੀ ਜਾਂਚ ਲਈ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਪਹੁੰਚੇ ਹਾਈ ਕੋਰਟ ਜੱਜ, ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ <br/>
ਅਜੀਤ ਡੈਸਕ
04-04-2026
ਜਾਂਚ ਦੌਰਾਨ ਉਨ੍ਹਾਂ ਜੇਲ੍ਹ ਦੇ ਰਿਹਾਇਸ਼ੀ ਬੈਰਕਾਂ, ਰਸੋਈ ਘਰ, ਡਿਸਪੈਂਸਰੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨੇ ਸਫ਼ਾਈ ਪ੍ਰਣਾਲੀ ਅਤੇ ਖਾਣੇ ਦੀ ਗੁਣਵੱਤਾ 'ਤੇ ਖ਼ਾਸ ਧਿਆਨ ਦਿੰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ | ਜਸਟਿਸ ਰੋਹਿਤ ਕਪੂਰ ਨੇ ਕੈਦੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਵੀ ਸੁਣਿਆ | ਕਈ ਕੈਦੀਆਂ ਵਲੋਂ ਉਠਾਏ ਗਏ ਮਸਲਿਆਂ 'ਤੇ ਤੁਰੰਤ ਕਾਰਵਾਈ ਲਈ ਜੇਲ੍ਹ ਪ੍ਰਸ਼ਾਸਨ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਕੈਦੀਆਂ ਦੇ ਅਧਿਕਾਰਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦਾ ਸਮੇਂ ਸਿਰ ਮੁਕਾਬਲਾ ਕੀਤਾ ਜਾ ਸਕੇ | ਜੇਲ੍ਹ ਪ੍ਰਸ਼ਾਸਨ ਵਲੋਂ ਜੱਜ ਸਾਹਿਬ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਵਲੋਂ ਦਿੱਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪ੍ਰਬੰਧਾਂ ਵਿਚ ਹੋਰ ਸੁਧਾਰ ਕੀਤਾ ਜਾਵੇਗਾ | ਇਸ ਮੌਕੇ ਜੇਲ੍ਹ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ |