ਚੰਡੀਗੜ੍ਹ, 3 ਅਪ੍ਰੈਲ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ 'ਚ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਹੋਏ ਧਮਾਕੇ ਤੋਂ ਬਾਅਦ ਪੂਰੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਇਸ ਘਟਨਾ ਤੋਂ ਬਾਅਦ ਅਣਪਛਾਤੇ ਤੱਤਾਂ ਵਲੋਂ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ | ਹਾਲਾਤਾਂ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵਲੋਂ ਹਾਈ ਅਲਰਟ ਜਾਰੀ ਕਰਕੇ ਹਰ ਪੱਖ ਤੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ | ਪੁਲਿਸ ਨੇ ਸ਼ਹਿਰ ਦੇ ਦਾਖ਼ਲੇ ਅਤੇ ਨਿਕਾਸੀ ਰਸਤਿਆਂ 'ਤੇ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਖ਼ਾਸ ਕਰਕੇ ਰਾਤ ਦੇ ਸਮੇਂ ਚੈਕਿੰਗ ਮੁਹਿੰਮ ਹੋਰ ਵੀ ਤੇਜ਼ ਕਰ ਦਿੱਤੀ ਗਈ ਹੈ | ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਮਾਲਜ਼ ਤੇ ਸਰਵਜਨਕ ਥਾਵਾਂ 'ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ | ਸੁਰੱਖਿਆ ਏਜੰਸੀਆਂ ਵਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਸ਼ਹਿਰ ਦੇ ਹਰੇਕ ਕੋਨੇ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਡੌਗ ਸਕੂਐਡ ਤੇ ਬੰਬ ਨਿਰੋਧਕ ਦਸਤਿਆਂ ਨੂੰ ਵੀ ਚੌਕਸ ਰੱਖਿਆ ਗਿਆ ਹੈ | ਖ਼ੁਫ਼ੀਆ ਏਜੰਸੀਆਂ ਨੂੰ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਅਲਰਟ 'ਤੇ ਰੱਖਿਆ ਗਿਆ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਤਫ਼ਤੀਸ਼ ਨੂੰ ਹੋਰ ਤੇਜ਼ ਕੀਤਾ ਗਿਆ ਹੈ | ਪੁਲਿਸ ਵਲੋਂ ਧਮਕੀ ਨੂੰ ਹਲਕੇ ਵਿਚ ਨਹੀਂ ਲਿਆ ਜਾ ਰਿਹਾ ਅਤੇ ਹਰ ਪੱਧਰ 'ਤੇ ਚੌਕਸੀ ਵਧਾਈ ਗਈ ਹੈ | ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਦੂਜੇ ਪਾਸੇ, ਧਮਾਕੇ ਦੀ ਘਟਨਾ ਸੰਬੰਧੀ ਜਾਂਚ ਵੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ | ਫੋਰੈਂਸਿਕ ਟੀਮਾਂ ਵਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਤੇ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਕਈ ਸ਼ੱਕੀ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕੱੁਝ ਲੀਡਾਂ 'ਤੇ ਕੰਮ ਜਾਰੀ ਹੈ | ਇਸ ਮਾਮਲੇ ਨੂੰ ਲੈ ਕੇ ਰਾਜਨੀਤਿਕ ਮਾਹੌਲ ਵੀ ਗਰਮਾਇਆ ਹੋਇਆ ਹੈ | ਵੱਖ-ਵੱਖ ਪਾਰਟੀਆਂ ਵਲੋਂ ਸਰਕਾਰ ਤੋਂ ਕਾਨੂੰਨ-ਵਿਵਸਥਾ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ | ਭਾਜਪਾ ਨੇ ਇਸ ਘਟਨਾ ਦੀ ਸ਼ਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਸੋਸ਼ਲ ਮੀਡੀਆ 'ਤੇ ਕਿਸੇ ਵੀ ਅਣਪੁਸ਼ਟੀ ਵਾਲੀ ਖ਼ਬਰ ਨੂੰ ਸ਼ੇਅਰ ਨਾ ਕਰਨ | ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਸਤੂ ਦੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਨੂੰ ਦੇਣ ਲਈ ਵੀ ਕਿਹਾ ਗਿਆ ਹੈ |