ਐੱਸ. ਏ. ਐੱਸ. ਨਗਰ, 3 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਅਤੇ ਗਮਾਡਾ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਲੋਕਾਂ ਨੂੰ 6 ਅਪ੍ਰੈਲ ਨੂੰ ਹੋਣ ਵਾਲੇ ਧਰਨੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ | ਇਸ ਮੌਕੇ ਸਿੱਧੂ ਨੇ ਕਿਹਾ ਕਿ ਮੌਜੂਦਾ ਸਰਕਾਰ ਗਮਾਡਾ ਰਾਹੀਂ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਇਹ ਨੀਤੀਆਂ ਸਿੱਧੇ ਤੌਰ 'ਤੇ ਕਿਸਾਨ ਵਿਰੋਧੀ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਬਿਨਾਂ ਯੋਗ ਮੁਆਵਜ਼ਾ ਦਿੱਤੇ ਕਿਸਾਨਾਂ ਤੋਂ ਜ਼ਮੀਨਾਂ ਹਾਸਿਲ ਕਰ ਰਹੀ ਹੈ, ਜੋ ਕਿ ਸਰਾਸਰ ਧੱਕੇਸ਼ਾਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਐਕਵਾਇਰ ਕੀਤੀਆਂ ਜ਼ਮੀਨ ਬਦਲੇ ਪਲਾਟਾਂ ਦੀ ਵੰਡ ਮੌਕੇ ਕਿਸਾਨਾਂ ਦੀ ਥਾਂ ਵਪਾਰਕ ਘਰਾਣਿਆਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਦਾ ਧਿਆਨ ਲੋਕ ਭਲਾਈ ਦੀ ਥਾਂ ਮੋਟਾ ਮੁਨਾਫ਼ਾ ਕਮਾਉਣ ਵੱਲ ਹੈ | ਉਨ੍ਹਾਂ ਗਮਾਡਾ ਦੀ ਉਸ ਨੀਤੀ 'ਤੇ ਵੀ ਸਵਾਲ ਉਠਾਏ ਜਿਸ ਅਨੁਸਾਰ ਕਾਰਨਰ ਜਾਂ ਪਾਰਕ ਦੇ ਸਾਹਮਣੇ ਪਲਾਟ ਲੈਣ ਵਾਲਿਆਂ ਤੋਂ ਵਾਧੂ ਰਕਮ ਵਸੂਲੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਗ਼ਲਤ ਹੈ ਅਤੇ ਇਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗਮਾਡਾ, ਜੋ ਲੋਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ, ਹੁਣ ਨਿੱਜੀ ਕੰਪਨੀਆਂ ਵਾਂਗ ਕੰਮ ਕਰ ਰਿਹਾ ਹੈ ਅਤੇ ਸਿਰਫ਼ ਮੁਨਾਫ਼ੇ 'ਤੇ ਧਿਆਨ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨ ਹਾਸਿਲ ਕਰਕੇ ਵੱਡੇ ਪੱਧਰ 'ਤੇ ਲਾਭ ਕਮਾ ਰਹੀ ਹੈ, ਪਰ ਇਸ ਨਾਲ ਨਾ ਤਾਂ ਕਿਸਾਨਾਂ ਨੂੰ ਫ਼ਾਇਦਾ ਹੋ ਰਿਹਾ ਹੈ ਅਤੇ ਨਾ ਹੀ ਆਮ ਲੋਕਾਂ ਨੂੰ ਕੋਈ ਰਾਹਤ ਮਿਲ ਰਹੀ ਹੈ | ਅੱਜ ਸਾਬਕਾ ਮੰਤਰੀ ਸਿੱਧੂ ਵਲੋਂ ਇਸ ਮਸਲੇ ਨੂੰ ਲੈ ਕੇ ਪਿੰਡ ਪੱਤੋਂ, ਮਨੌਲੀ, ਰੁੜਕਾ, ਧਰਮਗੜ੍ਹ, ਸੇਖਣ ਮਾਜਰਾ, ਬੜੀ, ਮਾਣਕਪੁਰ ਕੱਲਰ, ਕੁਰੜਾ, ਕੁਰੜੀ, ਬਾਕਰਪੁਰ, ਮੋਟੇ ਮਾਜਰਾ, ਤੰਗੌਰੀ, ਨਡਿਆਲੀ, ਮਟਰਾਂ, ਸਿਆਊ, ਕੰਡਾਲਾ, ਸਫ਼ੀਪੁਰ, ਝਿਊਰਹੇੜੀ, ਅਲੀਪੁਰ ਅਤੇ ਜਗਤਪੁਰਾ ਸਮੇਤ ਹੋਰ ਕਈ ਪਿੰਡਾਂ 'ਚ ਜਾ ਕੇ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਹਾਜ਼ਰ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਕਿਹਾ ਕਿ ਜ਼ਮੀਨਾਂ ਪ੍ਰਤੀ ਪੰਜਾਬ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਮੀਟਿੰਗਾਂ ਦੇ ਅੰਤ 'ਚ ਸਾਬਕਾ ਮੰਤਰੀ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਸਵੇਰੇ 10 ਵਜੇ ਹੋਣ ਵਾਲੇ ਧਰਨੇ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਖੜ੍ਹਦੀ ਆ ਰਹੀ ਹੈ ਅਤੇ ਭਵਿੱਖ 'ਚ ਵੀ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੇਗੀ |