ਐੱਸ. ਏ. ਐੱਸ. ਨਗਰ, 5 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਅੱਜ 6 ਜਨਵਰੀ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਧਰਨੇ 'ਚ ਸ਼ਾਮਿਲ ਹੋਣ ਲਈ ਲਾਮਬੰਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕ ਖ਼ਾਸ ਕਰਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਨ੍ਹਾਂ ਦੇ ਮਨਾਂ 'ਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਗਮਾਡਾ ਵਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ | ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਵਲੋਂ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਦੇ ਧਰਨੇ 'ਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਤਾਂ ਜੋ ਸੁੱਤੀ ਹੋਈ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ |