ਐੱਸ. ਏ. ਐੱਸ. ਨਗਰ, 5 ਅਪ੍ਰੈਲ (ਪ੍ਰੋ. ਅਵਤਾਰ ਸਿੰਘ)- ਸਥਾਨਕ ਫੇਜ਼-3ਏ ਵਿਖੇ ਅੱਜ 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ (ਬੀ. ਡੀ. ਐਸ., ਐਮ. ਡੀ. ਐਸ., ਓਰਲ ਐਂਡ ਮੈਕਸੀਲੋਫੇਸ਼ੀਅਲ ਸਰਜਨ) ਵਲੋਂ ਦੰਦਾਂ ਅਤੇ ਆਮ ਸਿਹਤ ਸੰਭਾਲ ਨਾਲ ਸੰਬੰਧਿਤ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਕੁੱਲ 132 ਮਰੀਜ਼ਾਂ ਦੀ ਸਿਹਤ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਪ੍ਰਦਾਨ ਕੀਤੀਆਂ ਗਈਆਂ | ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 232 ਲੋਕਾਂ ਦੇ ਸਿਹਤ ਕਾਰਡ ਬਣਾਏ ਗਏ, ਜਿਨ੍ਹਾਂ ਰਾਹੀਂ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ 'ਚ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਹੋਵੇਗਾ | ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਤੱਕ ਉੱਚ-ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਤੰਦਰੁਸਤ ਰੱਖਣਾ ਹੈ, ਕਿਉਂਕਿ ਤੰਦਰੁਸਤ ਸਮਾਜ ਹੀ ਤਰੱਕੀਸ਼ੀਲ ਸਮਾਜ ਦੀ ਮਜ਼ਬੂਤ ਨੀਂਹ ਹੁੰਦਾ ਹੈ | ਇਸ ਕੈਂਪ ਦੌਰਾਨ ਦੰਦਾਂ ਦੀ ਪੂਰੀ ਜਾਂਚ, ਸਕੇਲਿੰਗ (ਸਫ਼ਾਈ), ਦੰਦ ਕੱਢਣਾ, ਫਿਲਿੰਗ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ, ਅੱਖਾਂ ਦੀ ਜਾਂਚ ਅਤੇ ਔਰਤਾਂ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ ਸਮੇਤ ਕਈ ਹੋਰ ਆਮ ਅਤੇ ਗੰਭੀਰ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਨੂੰ ਸਿਹਤ ਸੰਭਾਲ ਬਾਰੇ ਜ਼ਰੂਰੀ ਸਲਾਹਾਂ ਵੀ ਦਿੱਤੀਆਂ ਗਈਆਂ |