ਚੰਡੀਗੜ੍ਹ, 6 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ | ਇਹ ਜਾਣਕਾਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ | ਸੋਮਵਾਰ ਨੂੰ ਪ੍ਰਾਜੈਕਟਾਂ ਦੀ ਸਮੀਖਿਆ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਖੇਤਾਂ 'ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (ਸੀ.ਆਰ.ਐਮ) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ | ਖੁੱਡੀਆਂ ਨੇ ਕਿਹਾ ਕਿ ਇਹ ਏਕੀਕਿ੍ਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ | ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ 'ਤੇ ਵੀ ਜ਼ੋਰ ਦਿੱਤਾ |