ਪੰਚਕੂਲਾ, 7 ਅਪ੍ਰੈਲ (ਕਪਿਲ)- ਕ੍ਰਾਈਮ ਬ੍ਰਾਂਚ-26 ਦੀ ਟੀਮ ਵਲੋਂ ਹਾਲ ਹੀ 'ਚ 3 ਕਿੱਲੋ 400 ਗ੍ਰਾਮ ਹੈਰੋਇਨ ਅਤੇ ਕਰੀਬ 15 ਲੱਖ ਰੁ. ਦੀ ਨਕਦੀ ਸਮੇਤ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਕ੍ਰਾਈਮ ਬ੍ਰਾਂਚ ਦੀ ਟੀਮ ਵਲੋਂ ਇਸ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੇ ਬਾਕੀ ਸਾਥੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ | ਇਸ ਸੰਬੰਧੀ ਪੰਚਕੂਲਾ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਡੀ. ਸੀ. ਪੀ. ਕ੍ਰਾਈਮ ਅਮਰਿੰਦਰ ਸਿੰਘ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-26 ਦੇ ਇੰਚਾਰਜ ਦਿਲੀਪ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਪਿੰਡ ਕੁੰਡੀ (ਸੈਕਟਰ-20) ਤੋਂ ਲਵਜੋਤ ਨਾਮਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਕਰੀਬ 3 ਕਿੱਲੋ ਹੈਰੋਇਨ ਅਤੇ 15 ਲੱਖ ਰੁ. ਦੀ ਨਕਦੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਮੂਲ ਰੂਪ 'ਚ ਜਲਾਲਾਬਾਦ (ਪੰਜਾਬ) ਦਾ ਰਹਿਣ ਵਾਲਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ, ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਇਸ ਸਮੇਂ ਚੰਡੀਗੜ੍ਹ ਵਿਖੇ ਰਹਿੰਦਾ ਸੀ | ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਤਸਕਰੀ ਦੇ ਮਾਮਲੇ ਨਾਲ ਜੁੜੇ ਹੋਏ ਹੈਂਡਲਰਾਂ ਦੀ ਵੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਹਰਿਆਣਾ 'ਚ ਸਿਰਸਾ ਤੋਂ ਬਾਅਦ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਪੰਚਕੂਲਾ ਤੋਂ ਬਰਾਮਦ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹਾ ਪਾਕਿਸਤਾਨ ਇੰਟਰਨੈਸ਼ਨਲ ਬਾਰਡਰ ਨਾਲ ਜੁੜਿਆ ਹੋਇਆ ਹੈ ਅਤੇ ਹੈਰੋਇਨ ਦਾ ਸ੍ਰੋਤ ਪਾਕਿਸਤਾਨ ਤੋਂ ਟ੍ਰੇਸ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਸ ਮਾਮਲੇ 'ਚ ਦੋ-ਤਿੰਨ ਹੋਰਨਾਂ ਮੁਲਜ਼ਮਾਂ ਦੇ ਨਾਂਅ ਵੀ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਜਲਦ ਖੁਲਾਸਾ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 6 ਕਰੋੜ ਰੁ. ਬਣਦੀ ਹੈ |