ਐੱਸ. ਏ. ਐੱਸ. ਨਗਰ, 7 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 405ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਜੀਵਨ ਬਿ੍ਤਾਂਤ ਅਤੇ ਉਨ੍ਹਾਂ ਵਲੋਂ ਮਜ਼ਲੂਮਾਂ ਦੀ ਰਾਖੀ ਲਈ ਦਿੱਤੀ ਗਈ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰੂ ਸਾਹਿਬ ਵਲੋਂ ਉਚਾਰਨ ਧੁਰ ਕੀ ਬਾਣੀ ਦੇ 15 ਰਾਗਾਂ 'ਚ 59 ਸ਼ਬਦ ਅਤੇ 57 ਸ਼ਲੋਕ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ 'ਚ ਸੁਸ਼ੋਭਿਤ ਹਨ, ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸੇ ਦੌਰਾਨ ਭਾਈ ਧਰਮ ਸਿੰਘ ਪਟਿਆਲਾ ਵਾਲਿਆਂ, ਭਾਈ ਕੁਲਦੀਪ ਸਿੰਘ ਅੰਮਿ੍ਤਸਰ ਵਾਲਿਆਂ, ਭਾਈ ਹਰਭਜਨ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਰਬਜੋਤ ਸਿੰਘ, ਭਾਈ ਦਿਲਬਰ ਸਿੰਘ, ਭਾਈ ਮਨਪ੍ਰੀਤ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ, ਬਾਬਾ ਦੀਪ ਸਿੰਘ ਕਵੀਸ਼ਰੀ ਜਥੇ, ਹਰਿਜਸ ਕੀਰਤਨੀ ਜਥੇ ਤੇ ਭਾਈ ਸੁਖਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਗੁਰਨਾਮ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |