ਐੱਸ. ਏ. ਐੱਸ. ਨਗਰ, 9 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ 10 ਅਹਿਮ ਮੁੱਦਿਆਂ ਦੇ ਆਧਾਰ 'ਤੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਉਠਾਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵੇਅਰਹਾਊਸ ਕਾਰਪੋਰੇਸ਼ਨ ਦੇ ਡੀ. ਐਮ. ਦੀ ਮੌਤ ਦੇ ਮਾਮਲੇ ਦਾ ਸੱਚ ਸਰਕਾਰ ਲੋਕਾਂ ਸਾਹਮਣੇ ਨਹੀਂ ਲਿਆਉਣਾ ਚਾਹੁੰਦੀ ਅਤੇ ਸੀ. ਬੀ. ਆਈ. ਜਾਂਚ ਤੋਂ ਬਚ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਖ਼ਰਾਬ ਹੋ ਚੁੱਕੀ ਹੈ ਅਤੇ ਦਿਨ ਪ੍ਰਤੀ ਦਿਨ ਜਿੱਥੇ ਲੁੱਟ-ਖੋਹ, ਚੋਰੀਆਂ ਅਤੇ ਨਸ਼ੇ ਦੇ ਮਾਮਲੇ ਵਧ ਰਹੇ ਹਨ, ਉੱਥੇ ਹੀ ਰੋਜ਼ਾਨਾ ਸੂਬੇ 'ਚੋਂ ਕਿਸੇ ਨਾ ਕਿਸੇ ਪਾਸਿਓਾ ਕਤਲੋ-ਗਾਰਤ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ | ਉਨ੍ਹਾਂ ਕਿਹਾ ਕਿ ਮੁਹਾਲੀ ਵਰਗੇ ਅਤਿ-ਆਧੁਨਿਕ ਸ਼ਹਿਰ ਅੰਦਰ ਵੀ ਲੋਕ ਆਪਣੇ ਆਪ ਨੂੰ ਮਹਿਫ਼ੂਜ ਨਹੀਂ ਸਮਝ ਰਹੇ | ਉਨ੍ਹਾਂ ਕਰਮਚਾਰੀਆਂ ਦੇ ਮੁੱਦਿਆਂ 'ਤੇ 'ਆਪ' ਸਰਕਾਰ ਨੂੰ ਘੇਰਦਿਆਂ ਕਿਹਾ ਕਿ ਡੀ. ਏ./ਡੀ. ਆਰ. ਅਤੇ 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ 'ਚ ਬੇਵਜ੍ਹਾ ਦੇਰੀ ਕੀਤੀ ਜਾ ਰਹੀ ਹੈ, ਜਦਕਿ ਇਹ ਸਾਲਾਂ ਤੋਂ ਚੱਲ ਰਹੀ ਪ੍ਰਕਿਰਿਆ ਹੈ | ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਨਾ ਕਰਨ ਅਤੇ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨ 'ਤੇ ਵੀ ਸਵਾਲ ਉਠਾਏ | ਸਿਹਤ ਕਾਰਡ ਯੋਜਨਾ ਅਤੇ ਮੁਹੱਲਾ ਕਲੀਨਿਕਾਂ ਨੂੰ ਮੱਛਲੀ ਕਲਾਂ ਨੇ 'ਸਿਰਫ਼ ਦਿਖਾਵਾ' ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਫ਼ਾਇਦਾ ਨਹੀਂ ਹੋ ਰਿਹਾ | ਉਨ੍ਹਾਂ ਜਿਥੇ ਸਕੂਲ ਆਫ਼ ਐਮੀਨੈਂਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ, ਉਥੇ ਹੀ ਦੋਸ਼ ਲਗਾਇਆ ਕਿ ਸਰਕਾਰ ਵੋਟਾਂ ਲਈ ਮਹਿਲਾਵਾਂ ਨੂੰ ਪੈਸੇ ਦੇਣ ਦੀ ਗੱਲ ਕਰ ਰਹੀ ਹੈ, ਜਦਕਿ ਰਾਜ ਦੀ ਆਰਥਿਕ ਸਥਿਤੀ ਪਹਿਲਾਂ ਹੀ ਬਹੁਤ ਕਮਜ਼ੋਰ ਹੋ ਚੁੱਕੀ ਹੈ ਅਤੇ ਪੰਜਾਬ ਰੋਜ਼ਾਨਾ ਕਰਜ਼ੇ ਦੇ ਬੋਝ ਥੱਲੇ ਦਬਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ ਰਾਜਪਾਲ ਨੂੰ ਕੇਂਦਰ ਸਰਕਾਰ ਨੂੰ ਰਿਪੋਰਟ ਭੇਜਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਕਾਨੂੰਨੀ ਅਤੇ ਲੋਕਤੰਤਰਿਕ ਮਾਹੌਲ ਮਿਲ ਸਕੇ |