ਐੱਸ. ਏ. ਐੱਸ. ਨਗਰ, 10 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਥਾਨਕ ਸੈਕਟਰ-65ਏ ਸਥਿਤ ਆਧੁਨਿਕ ਫ਼ਲ ਅਤੇ ਸਬਜੀ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ, ਜਦਕਿ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ ਅਤੇ ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਰਿਵਾਇਤੀ ਲੋਕ-ਨਾਚਾਂ ਅਤੇ ਗੀਤਾਂ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਪੰਜਾਬੀ ਸੱਭਿਆਚਾਰ 'ਚ ਰੰਗ ਦਿੱਤਾ | ਇਸ ਮੌਕੇ ਚੇਅਰਮੈਨ ਬਰਸਟ ਨੇ ਸਾਰਿਆਂ ਨੂੰ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਪੰਜਾਬ 'ਚ ਕਣਕ ਦੀ ਕਟਾਈ ਦੇ ਸੀਜ਼ਨ ਦੀ ਸ਼ੁਰੂਆਤ ਦੇ ਤੌਰ 'ਤੇ ਮਨਾਇਆ ਜਾਂਦਾ ਹੈ | ਇਸੇ ਦੌਰਾਨ ਚੇਅਰਮੈਨ ਬਰਸਟ ਵਲੋਂ ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇੰਨ-ਚੀਫ਼, ਹਰਜੀਤ ਸਿੰਘ ਸੰਧੂ ਸੰਯੁਕਤ ਸਕੱਤਰ, ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਪ੍ਰੀਤ ਕੰਵਰ ਸਿੰਘ ਬਰਾੜ ਡੀ. ਜੀ. ਐਮ., ਪ੍ਰਭਲੀਨ ਸਿੰਘ ਚੀਮਾ ਡੀ. ਐਮ. ਓ. ਅਤੇ ਸੁਰਮੁੱਖ ਸਿੰਘ ਅਮਲਾ ਅਫ਼ਸਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਵੀ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |