ਡੇਰਾਬੱਸੀ, 11 ਅਪ੍ਰੈਲ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨੇੜਲੇ ਪਿੰਡ ਸੁੰਡਰਾਂ ਵਿਖੇ ਦੁਪਹਿਰ ਵੇਲੇ ਉਦੋਂ ਭਾਜੜਾਂ ਪੈ ਗਈਆਂ ਜਦੋਂ ਖੇਤਾਂ 'ਚ ਖੜ੍ਹੀ ਕਣਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ | ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਇਸ ਦੀ ਲਪੇਟ 'ਚ ਆਉਣ ਕਾਰਨ ਕਿਸਾਨ ਨਰੇਸ਼ ਕੁਮਾਰ ਦੀ ਇਕ ਏਕੜ ਰਕਬੇ 'ਚ ਖੜ੍ਹੀ ਕਣਕ ਦੀ ਫ਼ਸਲ ਅਤੇ ਕਿਸਾਨ ਨਸੀਬ ਸਿੰਘ ਦੀ ਪੰਜ ਏਕੜ ਰਕਬੇ 'ਚ ਖੜ੍ਹੀ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਗ 'ਤੇ ਕਾਬੂ ਪਾਉਣ ਲਈ ਵੱਡਾ ਹੰਬਲਾ ਮਾਰਿਆ ਅਤੇ ਨਾਲ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਤੇ ਪਿੰਡ ਵਾਸੀਆਂ ਨੇ ਮਿਲ ਕੇ ਅੱਗ 'ਤੇ ਕਾਬੂ ਪਾਇਆ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਫਾਇਰ ਅਫ਼ਸਰ ਮਹਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 12.45 ਵਜੇ ਅੱਗ ਲੱਗਣ ਦੀ ਇਤਲਾਹ ਮਿਲੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਤੁਰੰਤ ਫਾਇਰ ਬਿ੍ਗੇਡ ਦੀਆਂ ਗੱਡੀਆਂ ਘਟਨਾ ਵਾਲੀ ਥਾਂ ਲਈ ਰਵਾਨਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਵਿਭਾਗੀ ਟੀਮ ਮੌਕੇ 'ਤੇ ਪੁੱਜੀ, ਉਦੋਂ ਤੱਕ ਪਿੰਡ ਵਾਸੀਆਂ ਨੇ ਕਾਫ਼ੀ ਹੱਦ ਤੱਕ ਅੱਗ 'ਤੇ ਕਾਬੂ ਪਾ ਲਿਆ ਸੀ, ਪਰ ਅੱਗ ਸੁਲਗ ਰਹੀ ਸੀ, ਲਿਹਾਜ਼ਾ ਅੱਗ ਨੂੰ ਮੁੜ ਫੈਲਣ ਤੋਂ ਰੋਕਣ ਲਈ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਮੁਸ਼ਤੈਦੀ ਵਰਤਦਿਆਂ ਨੂੰ ਨੂੰ ਇਸ ਨੂੰ ਪੂਰੀ ਤਰ੍ਹਾਂ ਬੁਝਾ ਦਿੱਤਾ | ਅੱਗ ਲੱਗਣ ਦੇ ਕਾਰਨਾਂ ਬਾਰੇ ਗੱਲ ਕਰਦਿਆਂ ਫਾਇਰ ਅਫ਼ਸਰ ਨੇ ਦੱਸਿਆ ਕਿ ਮੌਕੇ 'ਤੇ ਬਿਜਲੀ ਦੀਆਂ ਤਾਰਾਂ ਨਾ ਹੋਣ ਕਾਰਨ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਕਿਸੇ ਵਿਅਕਤੀ ਵਲੋਂ ਬੀੜੀ-ਸਿਗਰਟ ਪੀ ਕੇ ਸੁੱਟੇ ਜਾਣ ਕਾਰਨ ਜਾਂ ਬਲਦੀ ਤੀਲੀ ਸੁੱਟੇ ਕਾਰਨ ਲੱਗੀ ਹੈ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਵਾਢੀ ਦੇ ਇਸ ਸੀਜ਼ਨ ਦੌਰਾਨ ਇਲਾਕੇ 'ਚ ਅੱਗ ਲੱਗਣ ਦੀ ਇਹ ਪਹਿਲੀ ਘਟਨਾ ਹੈ | ਉਨ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਤੋਂ ਕੰਮ ਲੈਂਦੇ ਹੋਏ ਅਜਿਹੀਆਂ ਘਟਨਾਵਾਂ ਤੋਂ ਆਪਣਾ ਤੇ ਦੂਜਿਆਂ ਦਾ ਬਚਾਅ ਕਰਨ | ਉਧਰ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ |