ਚੰਡੀਗੜ੍ਹ, 13 ਅਪ੍ਰੈਲ (ਸੰਦੀਪ ਕੁਮਾਰ ਮਾਹਨਾ) ਡੱਡੂਮਾਜਰਾ ਡੰਪਿੰਗ ਗਰਾਊਾਡ 'ਤੇ ਚੱਲ ਰਹੇ ਕੰਮ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਮੇਅਰ ਸੌਰਭ ਜੋਸ਼ੀ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ 30 ਅਪ੍ਰੈਲ 2026 ਤੱਕ ਲੈਗੇਸੀ ਕਚਰੇ ਦੀ ਬਾਇਓ-ਮਾਇਨਿੰਗ ਪੂਰੀ ਕਰਨਾ ਲਾਜ਼ਮੀ ਹੈ ਅਤੇ ਇਸ ਵਿਚ ਹੋਰ ਕੋਈ ਦੇਰੀ ਬਰਦਾਸ਼ਤ ਨਹੀਂ ਹੋਵੇਗੀ | ਸੋਮਵਾਰ ਨੂੰ ਮੇਅਰ ਸੌਰਭ ਜੋਸ਼ੀ ਨੇ ਡੱਡੂਮਾਜਰਾ ਸਾਈਟ ਦਾ ਵਿਸਥਾਰ ਨਾਲ ਦੌਰਾ ਕਰਦੇ ਹੋਏ ਨਗਰ ਨਿਗਮ ਦੇ ਚੀਫ਼ ਇੰਜੀਨੀਅਰ ਸੰਜੇ ਅਰੋੜਾ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨਾਲ ਮੌਕੇ 'ਤੇ ਚੱਲ ਰਹੀਆਂ ਕਾਰਵਾਈਆਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਕਚਰਾ ਪੋ੍ਰਸੈਸਿੰਗ ਦਾ ਜਾਇਜ਼ਾ ਲੈਂਦਿਆਂ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ | ਮੇਅਰ ਨੇ ਕਿਹਾ ਕਿ ਡੰਪਿੰਗ ਗਰਾਊਾਡ ਕਾਰਨ ਨੇੜਲੇ ਇਲਾਕਿਆਂ ਦੇ ਵਸਨੀਕ ਲੰਬੇ ਸਮੇਂ ਤੋਂ ਪ੍ਰਦੂਸ਼ਣ ਅਤੇ ਬਦਬੂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਿਗਮ ਲਈ ਇਸ ਸਮੱਸਿਆ ਦਾ ਹੱਲ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੇਅਰ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਚੀਫ਼ ਇੰਜੀਨੀਅਰ ਨੂੰ ਹੁਕਮ ਦਿੱਤਾ ਕਿ ਕੰਮ ਨੂੰ ਮਿਸ਼ਨ ਮੋਡ 'ਚ ਲਿਆਂਦਾ ਜਾਵੇ | ਉਨ੍ਹਾਂ ਨੇ 24 ਘੰਟੇ ਕੰਮ ਜਾਰੀ ਰੱਖਣ, ਵਾਧੂ ਮਸ਼ੀਨਰੀ ਲਗਾਉਣ ਅਤੇ ਲੋੜ ਅਨੁਸਾਰ ਮਨੁੱਖੀ ਸੰਸਾਧਨ ਵਧਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਨਿਰਧਾਰਿਤ ਸਮੇਂ ਅੰਦਰ ਟਾਰਗੈਟ ਹਾਸਲ ਕੀਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਬਾਇਓ-ਮਾਇਨਿੰਗ ਦੀ ਪੂਰੀ ਪ੍ਰਕਿਰਿਆ ਵਿਗਿਆਨਕ ਢੰਗ ਨਾਲ ਅਤੇ ਵਾਤਾਵਰਣਕ ਮਿਆਰਾਂ ਦੇ ਅਨੁਸਾਰ ਕੀਤੀ ਜਾਵੇ। ਨਾਲ ਹੀ, ਕੰਮ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਪ੍ਰਗਤੀ ਦੀ ਨਿਯਮਿਤ ਰਿਪੋਰਟਿੰਗ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਇਸ ਮੌਕੇ ਚੀਫ਼ ਇੰਜੀਨੀਅਰ ਸੰਜੇ ਅਰੋੜਾ ਨੇ ਮੇਅਰ ਨੂੰ ਭਰੋਸਾ ਦਿਵਾਇਆ ਕਿ ਕੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਨਿਰਧਾਰਿਤ ਸਮੇਂ ਅੰਦਰ ਟਾਰਗੈਟ ਪੂਰਾ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।