ਐੱਸ. ਏ. ਐੱਸ. ਨਗਰ, 13 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਸਰਵੇ ਸ਼ੁਰੂ ਕਰ ਦਿੱਤਾ ਹੈ | ਇਹ ਟੀਮਾਂ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਵਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਆਸ਼ਾ ਵਰਕਰਾਂ ਸਮੇਤ ਹੋਰਨਾਂ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਸਰਵੇ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਕਾਰਡ ਨਹੀਂ ਬਣਵਾਏ, ਉਨ੍ਹਾਂ ਨੂੰ ਇਸ ਵਕਾਰੀ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਮੁਹਿੰਮ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਹੜੇ-ਕਿਹੜੇ ਪਰਵਾਰਾਂ ਦੇ ਕਾਰਡ ਬਣ ਗਏ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਰੋਜ਼ਾਨਾ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿਚ ਜਾ ਕੇ ਕਾਰਡ ਬਣਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰਾਂ ਅਤੇ ਪਿੰਡਾਂ ਵਿਚ ਵੱਖ-ਵੱਖ ਜਨਤਕ ਥਾਵਾਂ 'ਤੇ ਪੱਕੇ ਕੈਂਪ ਪਹਿਲਾਂ ਹੀ ਚੱਲ ਰਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਚ ਵੀ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ |