ਐੱਸ. ਏ. ਐੱਸ. ਨਗਰ, 16 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚੁੱਕੇ ਜਾ ਰਹੇ ਕਦਮ ਨਾਰੀ ਸ਼ਕਤੀ ਨੂੰ ਨਵੀਂ ਦਿਸ਼ਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ ਅਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਲਾਗੂ ਕੀਤੀਆਂ ਯੋਜਨਾਵਾਂ ਨਾਲ ਸਮਾਜ 'ਚ ਸਕਾਰਾਤਮਕ ਬਦਲਾਅ ਆ ਰਿਹਾ ਹੈ | ਉਨ੍ਹਾਂ ਕਿਹਾ ਇਹ ਸਿਰਫ਼ ਕਾਨੂੰਨੀ ਕਦਮ ਨਹੀਂ, ਸਗੋਂ ਕੇਂਦਰ ਸਰਕਾਰ ਦੀ ਉਸ ਵਿਚਾਰਧਾਰਾ ਨੂੰ ਦਰਸਾਉਂਦਾ ਹੈ ਜੋ ਕਿ ਔਰਤਾਂ ਨੂੰ ਕੇਂਦਰ 'ਚ ਰੱਖਦੀ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਸ ਨਾਲ ਨਾਰੀ ਸ਼ਕਤੀ ਨੂੰ ਹਰ ਖੇਤਰ 'ਚ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਸੰਸਦ 'ਚ ਮਹਿਲਾਵਾਂ ਦੀ ਗਿਣਤੀ 74 ਤੋਂ ਵਧ ਕੇ 273 ਹੋਣ ਨਾਲ ਨਾਰੀ ਸ਼ਕਤੀ ਨੂੰ ਮਜ਼ਬੂਤ ਪ੍ਰਤੀਨਿਧਤਾ ਮਿਲੇਗੀ | ਇਸ ਨਾਲ ਮਹਿਲਾਵਾਂ ਦੀ ਆਵਾਜ਼ ਹੁਣ ਸਿੱਧੇ ਤੌਰ 'ਤੇ ਨੀਤੀ ਬਣਾਉਣ 'ਚ ਸ਼ਾਮਿਲ ਹੋਵੇਗੀ ਅਤੇ ਮਹਿਲਾਵਾਂ ਸੁਰੱਖਿਆ, ਅਰਥ-ਵਿਵਸਥਾ ਅਤੇ ਵਿਦੇਸ਼ ਨੀਤੀ ਵਰਗੇ ਮਹੱਤਵਪੂਰਨ ਖੇਤਰਾਂ 'ਚ ਆਪਣੀ ਰਾਏ ਦੇ ਕੇ ਦੇਸ਼ ਦੀ ਦਿਸ਼ਾ ਨਿਰਧਾਰਤ ਕਰਨ 'ਚ ਅਹਿਮ ਭੂਮਿਕਾ ਨਿਭਾਉਣਗੀਆਂ |