ਚੰਡੀਗੜ੍ਹ, 16 ਅਪ੍ਰੈਲ (ਅਜੀਤ ਬਿਊਰੋ)-ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗਿ੍ਫ਼ਤਾਰੀ ਐਸ.ਬੀ.ਐਸ. ਨਗਰ ਦੇ ਇਕ ਨਿਵਾਸੀ ਵਲੋਂ ਮੁੱਖ ਮੰਤਰੀ ਦੀ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ | ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ | ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ | ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33,000 ਰੁਪਏ (15,000 ਰੁਪਏ ਨਕਦ ਅਤੇ 18,000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ | ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ | ਇਸ ਸੰਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |