ਕੁਰਾਲੀ, 18 ਅਪ੍ਰੈਲ (ਹਰਪ੍ਰੀਤ ਸਿੰਘ)- ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਆਗੂਆਂ ਵਲੋਂ ਸ਼ੁਰੂ ਕੀਤੇ ਗਏ ਮੀਟਿੰਗਾਂ ਦੇ ਸਿਲਸਿਲੇ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਗੁਰਪ੍ਰਤਾਪ ਸਿੰਘ ਪਡਿਆਲਾ ਵਲੋਂ ਨੇੜਲੇ ਪਿੰਡ ਹਸਨਪੁਰ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਪੰਜਾਬ 'ਚੋਂ ਨਸ਼ਾ, ਗੈਂਗਸਟਰਵਾਦ ਤੇ ਬੇਰੁਜ਼ਗਾਰੀ ਦਾ ਖ਼ਾਤਮਾ ਅਤੇ ਪੰਜਾਬ 'ਚ ਮੁੜ ਸ਼ਾਂਤੀ ਚਾਹੁੰਦੇ ਹਨ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਹੱਕ 'ਚ ਭੁਗਤਿਆ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਭੋਲੇ-ਭਾਲੇ ਲੋਕ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਵਾਅਦੇ ਪੂਰੇ ਕਰਨ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਆਪਣੀਆਂ ਗ਼ਲਤ ਨੀਤੀਆਂ ਨਾਲ ਪੰਜਾਬ ਦੇ ਸਿਰ 'ਤੇ ਲਗਭਗ 4 ਲੱਖ ਕਰੋੜ ਰੁ. ਤੋਂ ਜ਼ਿਆਦਾ ਦਾ ਕਰਜ਼ਾ ਚੜ੍ਹਾ ਦਿੱਤਾ ਹੈ, ਪਰ ਵਿਕਾਸ ਬਿਲਕੁੱਲ ਜ਼ੀਰੋ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬੱਦਤਰ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕੇਵਲ ਕਾਂਗਰਸ ਸਰਕਾਰ ਹੀ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲਿਜਾ ਸਕਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮਿੰਦਰ ਸਿੰਘ, ਜਗਦੀਪ ਸਿੰਘ, ਰਾਜਵੀਰ ਸਿੰਘ, ਗੁਰਕਿੰਦਰ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ, ਸਤਵੀਰ ਸਿੰਘ, ਦਿਲਪ੍ਰੀਤ ਸਿੰਘ, ਤਰਨਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ ਪੰਚ ਅਤੇ ਗੁਰਤੇਜ ਸਿੰਘ ਆਦਿ ਵੀ ਹਾਜ਼ਰ ਸਨ |