ਮੁੱਲਾਂਪੁਰ ਗਰੀਬਦਾਸ, 18 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ 'ਖ਼ਾਲਸਾ ਸਾਜਨਾ ਦਿਵਸ' ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਜਤਿੰਦਰ ਸਿੰਘ ਪੱਟੀ, ਭਾਈ ਮੱਖਣ ਸਿੰਘ ਫ਼ਰੀਦਕੋਟ ਅਤੇ ਗਿਆਨੀ ਇਕਬਾਲ ਸਿੰਘ ਲੁਧਿਆਣਾ ਵਾਲਿਆਂ ਨੇ ਜਿੱਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ, ਉਥੇ ਹੀ ਰਤਵਾੜਾ ਸਾਹਿਬ ਟਰੱਸਟ ਦੇ ਜਥਿਆਂ ਤੋਂ ਇਲਾਵਾ ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਕਥਾ-ਕੀਰਤਨ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਸਰਵਣ ਕਰਵਾਈ | ਇਸ ਮੌਕੇ ਬਾਬਾ ਲਖਬੀਰ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ. ਦੀ ਵਿਸਾਖੀ ਨੂੰ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਇਕ ਨਿਵੇਕਲਾ ਬਿ੍ਤਾਂਤ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ 'ਤੇ ਸਿਰਜਿਆ ਸੀ | ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਕੌਮਾਂ ਦੀਆਂ ਜਨਮ ਮਿਤੀਆਂ ਦੇਖਣ ਤੇ ਵਾਚਣ ਨੂੰ ਨਹੀਂ ਮਿਲਦੀਆਂ, ਪਰ ਕੇਵਲ ਸਿੱਖ ਕੌਮ ਹੀ ਇਕ ਅਜਿਹੀ ਕੌਮ ਹੈ, ਜਿਸ ਦੀ ਸਾਜਨਾ 1699 ਈ. ਦੀ ਵਿਸਾਖੀ ਨੂੰ ਖ਼ਾਲਸਾ ਆਦਰਸ਼ ਦੇ ਰੂਪ ਵਿਚ ਪ੍ਰਗਟ ਹੋਈ ਸੀ | ਸਮਾਗਮ ਦੌਰਾਨ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਇਸ ਤੋਂ ਬਾਅਦ ਰਤਵਾੜਾ ਸਾਹਿਬ ਟਰੱਸਟ ਅਧੀਨ ਚੱਲਦੇ ਸਕੂਲਾਂ ਦੇ ਬੱਚਿਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਅਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ, ਬਾਬਾ ਕਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਹੋਰ ਟਰੱਸਟੀ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ |