ਖਰੜ, 20 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਦੇ ਸੀਨੀਅਰ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਰਾਜਪਾਲ ਪੰਜਾਬ ਦਾ ਬੇਅਦਬੀ ਰੋਕਣ ਸੰਬੰਧੀ ਕਾਨੂੰਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026' ਨੂੰ ਪ੍ਰਵਾਨਗੀ ਦੇਣ 'ਤੇ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਬੇਅਦਬੀ ਸ਼ਬਦ ਸਮੂਹ ਪੰਜਾਬੀਆਂ ਲਈ ਹਮੇਸ਼ਾ ਹੀ ਇਕ ਬੁਰੇ ਅਹਿਸਾਸ ਨੂੰ ਲੈ ਕੇ ਆਇਆ ਹੈ | ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਅਤੇ ਉਹ ਖ਼ੁਦ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026' ਨੂੰ ਪ੍ਰਵਾਨਗੀ ਦੇ ਕੇ ਕਰੋੜਾਂ ਸਿੱਖਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੇ ਸ਼ਰਧਾਲੂਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਹੁਣ ਇਸ ਕਾਨੂੰਨ ਦੇ ਬਣਨ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕਰਨ ਤੋਂ ਪਹਿਲਾਂ ਸ਼ਰਾਰਤੀ ਅਨਸਰ 100 ਸੋਚੇਗਾ |