ਲਾਲੜੂ, 21 ਅਪ੍ਰੈਲ (ਰਾਜਬੀਰ ਸਿੰਘ)-ਡਿਪਟੀ ਕਮਿਸਨਰ ਕੋਮਲ ਮਿੱਤਲ ਵਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਕੀਤੀਆਂ ਗਈਆਂ ਤਿਆਰੀਆਂ, ਖਰੀਦ, ਲਿਫਟਿੰਗ ਤੇ ਸਟੋਰੇਜ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਦਾਇਤਾਂ ਦਿੱਤੀਆਂ | ਇਸ ਮੌਕੇ ਕਣਕ ਦੀ ਖਰੀਦ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿਖੇ ਖਰੀਦ ਕਾਰਜ ਸੁਚੱਜੇ ਢੰਗ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਅੱਜ ਦੀ ਆਮਦ 11,873 ਮੀਟਿ੍ਕ ਟਨ ਸਮੇਤ ਹੁਣ ਤੱਕ ਕੁੱਲ ਆਮਦ 1,04,723 ਮੀਟਿ੍ਕ ਟਨ ਤੱਕ ਪਹੁੰਚ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ 12,052 ਮੀਟਿ੍ਕ ਟਨ ਕਣਕ ਦੀ ਖਰੀਦ ਤੋਂ ਬਾਅਦ ਹੁਣ ਤੱਕ ਕੁੱਲ ਖਰੀਦ 1,03,183 ਮੀਟਿ੍ਕ ਟਨ ਹੋ ਚੁੱਕੀ ਹੈ | ਲਿਫਟਿੰਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਜ 6,085 ਮੀਟਿ੍ਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ, ਜਿਸ ਨਾਲ ਕੁੱਲ ਲਿਫਟਿੰਗ 30,241 ਮੀਟਿ੍ਕ ਟਨ ਤੱਕ ਪਹੁੰਚ ਚੁੱਕੀ ਹੈ | ਇਸ ਮੌਕੇ ਡਿਪਟੀ ਕਮਿਸਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਗਈ ਕਣਕ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫਾਈ ਅਤੇ ਬੈਠਣ ਦੀ ਸੁਵਿਧਾ ਸਮੇਤ ਸਾਰੇ ਬੁਨਿਆਦੀ ਇੰਤਜਾਮ ਯਕੀਨੀ ਬਣਾਉਣ 'ਤੇ ਵੀ ਜੋਰ ਦਿੱਤਾ |