ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਿਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫ਼ਰੀਦਕੋਟ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿਚ ਉਕਤ ਏ.ਐਸ.ਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ | ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ ਨੇ ਇਸ ਕੇਸ ਵਿਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ | ਸ਼ਿਕਾਇਤ ਕਰਤਾ ਵਲੋਂ ਬੇਨਤੀ ਕਰਨ 'ਤੇ ਸੌਦਾ 80,000 ਰੁਪਏ ਵਿਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ | ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏ.ਐਸ.ਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ | ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ | ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਣਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਫ਼ਰੀਦਕੋਟ ਨਾਲ ਰਾਬਤਾ ਕੀਤਾ | ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ |