ਚੰਡੀਗੜ੍ਹ, 21 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿਚ 9 ਸਰਕਾਰੀ ਅਧਿਕਾਰੀਆਂ ਅਤੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿਚ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ | ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਿਤ ਚਲਾਨ ਪੇਸ਼ ਕੀਤੇ ਹਨ | ਇਸ ਤੋਂ ਇਲਾਵਾ, ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ | ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿਚ 26 ਸਰਕਾਰੀ ਕਰਮਚਾਰੀ ਸ਼ਾਮਿਲ ਹਨ | ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਦਾ ਫ਼ੈਸਲਾ ਸੁਣਾਇਆ, ਜਿਸ ਵਿਚ ਪੰਜ ਵਿਅਕਤੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਚਾਰ ਸਾਲ ਤੋਂ ਪੰਜ ਸਾਲ ਦੀ ਕੈਦ ਅਤੇ 5,000 ਰੁਪਏ ਤੋਂ 30,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ |