ਚੰਡੀਗੜ੍ਹ, 22 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ ਖੇਤਰ ਇਕ ਕ੍ਰਾਂਤੀਕਾਰੀ ਬਦਲਾਅ ਦੇ ਦੌਰ 'ਚੋਂ ਲੰਘ ਰਿਹਾ ਹੈ | ਪੰਜਾਬ ਸਰਕਾਰ ਦੇ ਵਾਅਦੇ ਅਨੁਸਾਰ ਹਰ ਪਰਿਵਾਰ ਨੂੰ ਸੁਖਾਲੀਆਂ, ਕਿਫਾਇਤੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਮਿਲ ਰਹੀਆਂ ਹਨ | ਸਿਰਫ਼ ਤਿੰਨ ਮਹੀਨਿਆਂ 'ਚ 40 ਲੱਖ ਤੋਂ ਵੱਧ ਹੈਲਥ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜੋ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕਵਰ ਦਿੰਦੇ ਹਨ | ਇਸ ਯੋਜਨਾ ਨੂੰ ਵੱਡੀ ਪੱਧਰ 'ਤੇ ਅਪਣਾਉਣ ਤੋਂ ਇਸਦੀ ਲੋੜ ਅਤੇ ਇਸ ਵਿੱਚ ਲੋਕਾਂ ਦੇ ਭਰੋਸੇ ਦਾ ਪਤਾ ਚੱਲਦਾ ਹੈ | 21 ਅਪ੍ਰੈਲ ਨੂੰ 28,766 ਰਜਿਸਟ੍ਰੇਸ਼ਨ ਹੋਏ, ਜੋ ਇਹ ਸੰਕੇਤ ਦਿੰਦੇ ਹਨ ਕਿ ਸਿਹਤ ਪ੍ਰਣਾਲੀ ਹੁਣ ਹੋਰ ਜ਼ਿਆਦਾ ਜਵਾਬਦੇਹ, ਸਮਾਵੇਸ਼ੀ ਅਤੇ ਲੋਕ-ਕੇਂਦਿ੍ਤ ਬਣ ਰਹੀ ਹੈ | ਜ਼ਿਲਿ੍ਹਆਂ 'ਚ ਇਸ ਯੋਜਨਾ ਦਾ ਸਕਾਰਾਤਮਕ ਪ੍ਰਭਾਵ ਸਪੱਸ਼ਟ ਦਿਖਾਈ ਦੇ ਰਿਹਾ ਹੈ | ਲੁਧਿਆਣਾ 4.20 ਲੱਖ ਕਾਰਡਾਂ ਨਾਲ ਸਭ ਤੋਂ ਅੱਗੇ ਹੈ | ਇਸ ਤੋਂ ਬਾਅਦ ਪਟਿਆਲਾ (3.82 ਲੱਖ) ਅਤੇ ਜਲੰਧਰ (2.85 ਲੱਖ) ਹਨ | ਮਹੱਤਵਪੂਰਨ ਗੱਲ ਇਹ ਹੈ ਕਿ ਇਸ ਯੋਜਨਾ ਦੀ ਪਹੁੰਚ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਿਤ ਨਹੀਂ ਰਹੀ | ਹੁਸ਼ਿਆਰਪੁਰ, ਅੰਮਿ੍ਤਸਰ, ਮਾਨਸਾ, ਫਾਜ਼ਿਲਕਾ ਅਤੇ ਬਰਨਾਲਾ ਵਰਗੇ ਟਾਇਰ-2 ਅਤੇ ਟਾਇਰ-3 ਜ਼ਿਲਿ੍ਹਆਂ ਵਿਚ ਵੀ ਇਸਦੀ ਵਰਤੋਂ ਲਗਾਤਾਰ ਵਧ ਰਹੀ ਹੈ, ਜੋ ਦਰਸਾਉਂਦੀ ਹੈ ਕਿ ਸਰਕਾਰ ਦੀ ਇਹ ਸਿਹਤ ਪਹਿਲ ਛੋਟੇ ਕਸਬਿਆਂ ਤੱਕ ਤੇਜ਼ੀ ਨਾਲ ਪਹੁੰਚ ਰਹੀ ਹੈ, ਜਿੱਥੇ ਇਸਦੀ ਸਭ ਤੋਂ ਵੱਧ ਲੋੜ ਸੀ |