ਐੱਸ. ਏ. ਐੱਸ. ਨਗਰ, 22 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ 24 ਤੋਂ 30 ਅਪ੍ਰੈਲ ਤੱਕ 'ਵਿਸ਼ਵ ਟੀਕਾਕਰਨ ਹਫ਼ਤਾ' ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨਾ ਹੈ | ਇਹ ਕੈਂਪ ਵਿਸ਼ੇਸ਼ ਤੌਰ 'ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ ਤੇ ਬਸਤੀਆਂ ਆਦਿ 'ਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਕਵਰ ਕਰਨ ਕਰਨਗੇ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ | ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣ |