ਚੰਡੀਗੜ੍ਹ, 24 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 94ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 602 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ'-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | ਅੱਜ 94ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 288 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁਲ ਗਿ੍ਫ਼ਤਾਰੀਆਂ ਦੀ ਗਿਣਤੀ 23,680 ਹੋ ਗਈ ਹੈ | ਇਸ ਤੋਂ ਇਲਾਵਾ, 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 92 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 419ਵੇਂ ਦਿਨ 126 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 992 ਗ੍ਰਾਮ ਹੈਰੋਇਨ, 2564 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 23150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ ਸਿਰਫ 418 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,596 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |