ਪੰਚਕੂਲਾ, 27 ਅਪ੍ਰੈਲ (ਕਪਿਲ)-ਕ੍ਰਾਈਮ ਬ੍ਰਾਂਚ-26 ਦੀ ਟੀਮ ਵਲੋਂ ਤਰਨਤਾਰਨ ਦੇ ਰਹਿਣ ਵਾਲੇ ਇਕ ਸੂਬਾ ਪੱਧਰੀ ਕਬੱਡੀ ਖਿਡਾਰੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-26 ਦੇ ਇੰਚਾਰਜ ਦਲੀਪ ਅਤੇ ਉਨ੍ਹਾਂ ਦੀ ਟੀਮ ਨੇ ਕਾਰਵਾਈ ਕਰਦਿਆਂ ਤਰਨਤਾਰਨ ਦੇ ਰਹਿਣ ਵਾਲੇ ਸੂਬਾ ਪੱਧਰੀ ਕਬੱਡੀ ਖਿਡਾਰੀ ਰਸ਼ਪਾਲ ਨੂੰ 538 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਇਸ ਸਮੇਂ ਮੁਹਾਲੀ 'ਚ ਰਹਿ ਕੇ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਲੱਖਾਂ ਰੁ. ਦੱਸੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰਨਾਂ ਮੁਲਜ਼ਮਾਂ ਦਾ ਖੁਰਾ-ਖੋਜ ਲੱਭ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ |