ਐੱਸ. ਏ. ਐੱਸ. ਨਗਰ 2 ਮਈ (ਪ੍ਰੋ. ਅਵਤਾਰ ਸਿੰਘ)- ਪਿੰਡ ਗੋਬਿੰਦਗੜ੍ਹ ਵਿਖੇ ਪਿੰਡ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਉਪਰੰਤ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮਹਿੰਗਾਈ ਦੇ ਮਾਮਲੇ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਚੋਣਾਂ ਦੇ ਦੌਰ ਖ਼ਤਮ ਹੁੰਦਿਆਂ ਹੀ ਆਮ ਜਨਤਾ 'ਤੇ ਮਹਿੰਗਾਈ ਦਾ ਬੋਝ ਮੁੜ ਵਧਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕੀਮਤਾਂ ਨੂੰ ਕਾਬੂ 'ਚ ਰੱਖਣ ਦਾ ਅਕਸ ਬਣਾਇਆ ਪਰ ਹੁਣ ਹਕੀਕਤ ਸਾਹਮਣੇ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ ਲਗਭਗ 993 ਰੁ. ਦਾ ਵਾਧਾ ਕਰ ਦਿੱਤਾ ਗਿਆ ਹੈ | ਇਸਦੇ ਨਾਲ ਹੀ 5 ਕਿਲੋ ਵਾਲੇ ਛੋਟੇ ਸਿਲੰਡਰ ਦੀ ਕੀਮਤ ਵਿਚ ਲਗਭਗ 261 ਰੁ. ਅਤੇ ਹੋਰ ਇੰਧਨ ਦੇ ਰੇਟਾਂ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਵਾਧਾ ਸਿੱਧੇ ਤੌਰ 'ਤੇ ਆਮ ਆਦਮੀ ਦੀ ਜ਼ਿੰਦਗੀ 'ਤੇ ਅਸਰ ਪਾਏਗਾ ਕਿਉਂਕਿ ਹੋਟਲਾਂ, ਢਾਬਿਆਂ ਤੇ ਚਾਹ ਦੇ ਠੇਲਿਆਂ 'ਤੇ ਖਾਣ-ਪੀਣ ਦੀਆਂ ਚੀਜ਼ਾਂ ਮਹਿੰਗੀਆਂ ਹੋਣੀਆਂ ਲਾਜ਼ਮੀ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਸਕਦਾ ਹੈ | ਬੇਦੀ ਨੇ ਕਿਹਾ ਕਿ ਜਿਵੇਂ ਹੀ ਇੰਧਨ ਮਹਿੰਗਾ ਹੁੰਦਾ ਹੈ, ਟਰਾਂਸਪੋਰਟ ਦਾ ਖਰਚ ਵਧ ਜਾਂਦਾ ਹੈ ਅਤੇ ਇਸਦਾ ਪ੍ਰਭਾਵ ਹਰ ਚੀਜ਼ 'ਤੇ ਪੈਂਦਾ ਹੈ | ਇਸ ਦੇ ਨਾਲ ਹੀ ਬੇਦੀ ਨੇ ਆਪਣੇ ਰਾਜਨੀਤਕ ਇਰਾਦਿਆਂ ਨੂੰ ਸਪਸ਼ੱਟ ਕਰਦਿਆਂ ਐਲਾਨ ਕੀਤਾ ਕਿ ਉਹ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਉਨ੍ਹਾਂ ਦੇ ਮਸਲੇ ਸੁਣ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਗੋਬਿੰਦਗੜ੍ਹ ਸਮੇਤ ਕਈ ਪਿੰਡਾਂ ਵਿਚ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈੈ | ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਿੰਡਾਂ ਦੇ ਮੂਲ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਚੌਧਰੀ ਮੇਘ ਰਾਜ ਦੀ ਅਗਵਾਈ ਹੇਠ ਹਾਜ਼ਰ ਹੋਏ |