ਲਾਲੜੂ, 3 ਮਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਝਾਰਮੜੀ ਦੇ ਨੇੜੇ ਪੁਰਾਣੇ ਟੈਕਸ ਬੈਰੀਅਰ 'ਤੇ ਪੁਲਿਸ ਵਲੋਂ ਇਕ ਵਿਅਕਤੀ ਨੂੰ 2 ਕਿੱਲੋ ਅਫ਼ੀਮ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਗਈ ਹੈ | ਕਾਬੂ ਮੁਲਜ਼ਮ ਦੀ ਪਛਾਣ ਨੰਦ ਬਹਾਦਰ ਵਾਸੀ ਨੇਪਾਲ ਵਜੋਂ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਐਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਝਾਰਮੜੀ ਨੇੜੇ ਮੌਜੂਦ ਸੀ ਅਤੇ ਇਸੇ ਦੌਰਾਨ ਅੰਬਾਲਾ ਵਲੋਂ ਆਉਂਦੀ ਇਕ ਬੱਸ ਨੂੰ ਰੋਕ ਕੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ 'ਚ ਸਵਾਰ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਬੱਸ ਤੋਂ ਥੱਲੇ੍ਹ ਉਤਰ ਕੇ ਭੱਜਣ ਲੱਗਾ ਪਰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਕਥਿਤ ਤੌਰ 'ਤੇ 2 ਕਿੱਲੋ ਅਫ਼ੀਮ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |