ਚੰਡੀਗੜ੍ਹ, 4 ਮਈ (ਅਜੀਤ ਬਿਊਰੋ) -'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ 'ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 589 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 104ਵੇਂ ਦਿਨ ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 26,480 ਹੋ ਗਈਆਂ | ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 43 ਵਿਅਕਤੀਆਂ ਨੂੰ ਤਫਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 429ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 147 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1.5 ਕਿਲੋ ਹੈਰੋਇਨ, 757 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 4050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 429 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,480 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |