ਗੈਂਗਸਟਰਾਂ 'ਤੇ ਵਾਰ ਦਾ 105ਵਾਂ ਦਿਨ-ਪੰਜਾਬ ਪੁਲਿਸ ਵਲੋਂ 586 ਥਾਵਾਂ 'ਤੇ ਛਾਪੇਮਾਰੀ, 249 ਗਿ੍ਫ਼ਤਾਰ
ਅਜੀਤ ਡੈਸਕ
06-05-2026
ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 105ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 249 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ 26,729 ਹੋ ਗਈਆਂ ਸਨ | ਇਸ ਤੋਂ ਇਲਾਵਾ 77 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 33 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 430ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 126 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 614 ਗ੍ਰਾਮ ਹੈਰੋਇਨ, 733 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1350 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 430 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,639 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |