ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ | ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਤੇ ਕੰਵਰ ਉਦੈ ਸਿੰਘ ਰਾਠੌੜ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਰੰਧਾਵਾ ਦੀ ਮੌਜੂਦਗੀ ਵਿਚ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ ਹੋ ਗਏ | ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਪਾਰਟੀ ਵਿਚ ਰਸਮੀ ਤੌਰ 'ਤੇ ਸਵਾਗਤ ਕੀਤਾ | ਰਾਠੌੜ ਦਾ ਸਿਆਸੀ ਸਫ਼ਰ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ | ਉਹ 'ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ' ਦੇ ਸਾਬਕਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ, ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਚੇਅਰਮੈਨ ਤੇ ਮਾਲਵਾ ਜ਼ੋਨ ਦੇ ਸੈਕਟਰੀ ਇੰਚਾਰਜ ਵਰਗੇ ਅਹਿਮ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੰਵਰ ਉਦੈ ਸਿੰਘ ਰਾਠੌੜ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਜਸ਼ੈਲੀ ਤੇ ਪੰਜਾਬ ਦੇ ਸਰਵਪੱਖੀ ਵਿਕਾਸ ਪ੍ਰਤੀ ਸਾਡੀ ਵਚਨਬੱਧਤਾ ਨੂੰ ਦੇਖਦੇ ਹੋਏ ਅੱਜ ਹਰ ਵਰਗ ਦੇ ਇਮਾਨਦਾਰ ਲੋਕ ਸਾਡੇ ਨਾਲ ਜੁੜ ਰਹੇ ਹਨ | ਕੰਵਰ ਉਦੈ ਸਿੰਘ ਰਾਠੌੜ ਵਰਗੇ ਤਜਰਬੇਕਾਰ ਤੇ ਜ਼ਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ |