'ਗੈਂਗਸਟਰਾਂ 'ਤੇ ਵਾਰ' ਦਾ 109ਵਾਂ ਦਿਨ ਪੰਜਾਬ ਪੁਲਿਸ ਨੇ 536 ਥਾਵਾਂ 'ਤੇ ਕੀਤੀ ਛਾਪੇਮਾਰੀ, 221 ਗਿ੍ਫ਼ਤਾਰ
ਅਜੀਤ ਡੈਸਕ
10-05-2026
ਚੰਡੀਗੜ, 9 ਮਈ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 536 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 109ਵੇਂ ਦਿਨ ਪੁਲਿਸ ਟੀਮਾਂ ਨੇ 17 ਹਥਿਆਰਾਂ ਸਮੇਤ 221 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 27,850 ਹੋ ਗਈ ਹੈ | ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 434ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨਾਂ ਦੇ ਕਬਜ਼ੇ ਵਿੱਚੋਂ 989 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 18 ਕਿਲੋ ਭੁੱਕੀ, 316 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ ਸਿਰਫ 434 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,232 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |