ਐੱਸ. ਏ. ਐੱਸ. ਨਗਰ, 11 ਮਈ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵਲੋਂ 7 ਅਤੇ 8 ਮਈ ਨੂੰ ਡੇਰਾਬੱਸੀ ਤੇ ਮੁਹਾਲੀ ਵਿਖੇ ਹੋਈਆਂ ਮੀਟਿੰਗਾਂ ਦੌਰਾਨ ਵਪਾਰੀਆਂ ਤੇ ਦੁਕਾਨਦਾਰਾਂ ਵਲੋਂ ਉਠਾਈਆਂ ਗਈਆਂ ਲੰਬਿਤ ਸਮੱਸਿਆਵਾਂ ਦੀ ਸਮੀਖਿਆ ਲਈ ਮੀਟਿੰਗ ਸੱਦੀ ਗਈ | ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਅਤੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ 'ਚ ਸੰਬੰਧਿਤ ਵਿਭਾਗਾਂ ਨੂੰ ਲੰਬਿਤ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਉਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਦੋਵਾਂ ਮੀਟਿੰਗਾਂ ਦੌਰਾਨ ਕਰੀਬ 100 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਉਠਾਏ ਗਏ ਜ਼ਿਆਦਾਤਰ ਮਸਲੇ ਸਥਾਨਕ ਪੱਧਰ ਨਾਲ ਸੰਬੰਧਿਤ ਹਨ, ਇਸ ਲਈ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕਮਿਸ਼ਨ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਕਾਰੋਬਾਰ ਕਰਨ ਲਈ ਸੁਖਦ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸ ਮੌਕੇ ਖਰੜ ਤੋਂ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੇ ਮੁਹਾਲੀ ਤੋਂ ਅਕਵਿੰਦਰ ਸਿੰਘ ਗੋਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ |