ਐੱਸ. ਏ. ਐੱਸ. ਨਗਰ, 12 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਜ਼ਿਲਾ ਇਕਾਈ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੁਲਕਾ ਦੀ ਅਗਵਾਈ ਹੇਠਲੇ ਇਕ ਵਫ਼ਦ ਵਲੋਂ ਅੱਜ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਇਕ ਮੰਗ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਕਿਸਾਨਾਂ ਦੇ ਵਧਾਏ ਗਏ ਫ਼ਸਲੀ ਕਰਜ਼ੇ ਨੂੰ ਤੁਰੰਤ ਲਾਗੂ ਕਰਵਾਉਣ ਦੀ ਮੰਗ ਕੀਤੀ ਗਈ | ਇਸ ਮੌਕੇ ਵਫ਼ਦ ਦੇ ਆਗੂਆਂ ਨੇ ਦੱਸਿਆ ਕਿ ਉਨਾਂ ਹਲਕਾ ਵਿਧਾਇਕ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨਾਂ ਦੀ ਫ਼ਸਲਾਂ 'ਤੇ ਲਾਗਤ ਲਗਾਤਾਰ ਵੱਧ ਰਹੀ ਹੈ ਅਤੇ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਕਿਸਾਨ ਮੈਂਬਰਾਂ ਨੂੰ ਵਧੇ ਹੋਏ ਫ਼ਸਲੀ ਹੱਦ ਕਰਜ਼ੇ ਦੇਣੇ ਬਹੁਤ ਜ਼ਰੂਰੀ ਹਨ | ਉਨਾਂ ਕਿਹਾ ਕਿ ਇਸ ਨਾਲ ਸਹਿਕਾਰੀ ਸਭਾਵਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਦੀਆਂ ਲੋੜਾਂ ਦੀ ਵੀ ਪੂਰਤੀ ਹੋਵੇਗੀ | ਉਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ 25 ਹਜ਼ਾਰ ਰੁ. ਪ੍ਰਤੀ ਏਕੜ ਤੋਂ ਵਧਾ ਕੇ 39,000 ਰੁ. ਪ੍ਰਤੀ ਏਕੜ ਕੀਤੇ ਗਏ ਫ਼ਸਲੀ ਹੱਦ ਕਰਜ਼ੇ ਨੂੰ ਤੁਰੰਤ ਲਾਗੂ ਕਰਵਾਇਆ ਜਾਵੇ | ਉਨਾਂ ਦੱਸਿਆ ਕਿ ਇਸ ਦੌਰਾਨ ਹਲਕਾ ਵਿਧਾਇਕ ਨੇ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਇਸ ਸੰਬੰਧੀ ਤੁਰੰਤ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੂੰ ਫ਼ੋਨ ਕਰਕੇ ਮਾਮਲਾ ਹੱਲ ਕਰਨ ਲਈ ਕਿਹਾ | ਇਸ ਮੌਕੇ ਰਾਜਵਿੰਦਰ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਮਾਨ ਸਿੰਘ, ਹਰਜਸਦੀਪ ਸਿੰਘ, ਸੁਖਵਿੰਦਰ ਸਿੰਘ, ਤਰਵਿੰਦਰ ਸਿੰਘ, ਮਨਿੰਦਰ ਸਿੰਘ, ਸਤਨਾਮ ਸਿੰਘ, ਸਚਿਨ ਕੰਸਾਲਾ, ਗੁਰਦੀਪ ਸਿੰਘ ਆਦਿ ਆਗੂ ਹਾਜ਼ਰ ਸਨ |