ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਮਿਉਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ | ਅਹੁਦਾ ਸੰਭਾਲਣ ਉਪਰੰਤ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ | ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਨਾਗਰਿਕ-ਕੇਂਦਿ੍ਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ |