ਚੰਡੀਗੜ੍ਹ, 13 ਮਈ (ਸੰਦੀਪ ਕੁਮਾਰ ਮਾਹਨਾ)ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦਾਂ ਵਿਚ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਅੱਜ ਭਿ੍ਸ਼ਟਾਚਾਰ, ਨਸ਼ਿਆਂ, ਗੈਂਗਸਟਰਵਾਦ ਅਤੇ ਅਰਾਜਕਤਾ ਦੇ ਗੰਭੀਰ ਸੰਕਟ ਵਿਚ ਘਿਰ ਚੁੱਕਾ ਹੈ | ਚੰਡੀਗੜ੍ਹ 'ਚ ਭਾਜਪਾ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ 'ਕੱਟੜ ਇਮਾਨਦਾਰੀ' ਦਾ ਨਾਅਰਾ ਲੈ ਕੇ ਸੱਤਾ ਹਾਸਲ ਕੀਤੀ ਸੀ, ਉਹ ਅੱਜ ਖ਼ੁਦ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ | ਚੁੱਘ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਕਾਰਨ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ | ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੌਜੂਦਾ ਸਰਕਾਰ ਤੋਂ ਨਾਰਾਜ਼ ਹੈ ਅਤੇ ਬਦਲਾਅ ਚਾਹੁੰਦੀ ਹੈ |