ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਐਨ.ਆਰ.ਆਈ. ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 'ਆਨਲਾਈਨ ਮਿਲਣੀ' ਕਰਕੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਤੇ ਸੁਝਾਅ ਸੁਣੇ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਿਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ | ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਐਨ.ਆਰ.ਆਈ. ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ 'ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ | ਇਸ ਆਨਲਾਈਨ ਮਿਲਣੀ ਦੌਰਾਨ ਐਨ.ਆਰ.ਆਈ ਵਿਭਾਗ ਦੇ ਸਕੱਤਰ ਵੀ. ਐਨ. ਜਾਂਦੇ, ਏ.ਡੀ.ਜੀ.ਪੀ. ਐਨ.ਆਰ.ਆਈ. ਆਰ.ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ |