ਚੰਡੀਗੜ੍ਹ, 13 ਮਈ (ਅਜੀਤ ਬਿਊਰੋ) - ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | 113ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 268 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 28,819 ਹੋ ਗਈ | ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 21 ਵਿਅਕਤੀਆਂ ਨੂੰ ਤਫ਼ਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 438ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5.9 ਕਿੱਲੋ ਹੈਰੋਇਨ, 273 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 5315 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ 438 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 63,869 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |