ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿਚ 77,895 ਥਾਵਾਂ 'ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸਪੈਸ਼ਲ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿਚੋਂ 569 ਹਥਿਆਰ, 1,613 ਜ਼ਿੰਦਾ ਕਾਰਤੂਸ ਤੇ 157 ਮੈਗਜ਼ੀਨ, 181 ਤੇਜ਼ਧਾਰ ਹਥਿਆਰ ਅਤੇ ਸੱਤ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ | ਇਸ ਤੋਂ ਇਲਾਵਾ 13,007 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 17,711 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1,108 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | 120ਵੇਂ ਦਿਨ, ਪੁਲਿਸ ਟੀਮਾਂ ਨੇ 557 ਥਾਵਾਂ 'ਤੇ ਛਾਪੇਮਾਰੀ ਕਰਕੇ 246 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਦੋਂ ਕਿ 10 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਤੇ 10 ਭਗੌੜੇ ਅਪਰਾਧੀਆਂ (ਪੀਓ) ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 445ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 68 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 14.8 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ), 873 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 2900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਦੇ ਨਾਲ ਸਿਰਫ 445 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,844 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |