ਚੰਡੀਗੜ੍ਹ, 20 ਮਈ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ | ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿਚ ਸ਼ਾਮਲ ਕਰਵਾਇਆ | ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ | ਇਸ ਦੇ ਉਲਟ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ | ਦੂਜੇ ਪਾਸੇ ਓ.ਐਸ.ਡੀ. ਘੁੰਮਣ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸੰਸਦ ਮੈਂਬਰ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ, ਗੁਰਮੇਲ ਸਿੰਘ ਜਨਰਲ ਸਕੱਤਰ ਦਿਹਾਤੀ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ, ਵਸ਼ਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ ਪਿੰਡ ਗੁਰੂਨਾਨਕਪੁਰਾ ਬਿਆਸ ਸ਼ਾਮਿਲ ਹਨ |