ਐੱਸ. ਏ. ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੀ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਬਿਆਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਲਈ 'ਗਦਾਰ' ਵਰਗੇ ਸ਼ਬਦ ਵਰਤਣਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਆਗੂਆਂ ਲਈ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਕਾਂਗਰਸ ਦੀ ਨਕਾਰਾਤਮਕ ਤੇ ਹਤਾਸ਼ ਰਾਜਨੀਤੀ ਨੂੰ ਦਰਸਾਉਂਦਾ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਦੂਜਿਆਂ 'ਤੇ ਸਵਾਲ ਚੁੱਕਣ ਤੋਂ ਪਹਿਲਾਂ ਆਪਣੀ ਪਾਰਟੀ ਦਾ ਇਤਿਹਾਸ ਦੇਖ ਲੈਣਾ ਚਾਹੀਦਾ ਹੈ | ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਖ਼ੂਨ ਡੋਲ੍ਹਣ ਵਾਲੀ ਸਿੱਖ ਕੌਮ 'ਤੇ ਜੁਲਮ ਕੀਤੇ ਗਏ ਤੇ 1984 'ਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਹੋਣ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ ਨੇ ਵਿਸ਼ਵ ਪੱਧਰ 'ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਜਨਤਾ ਸੱਚਾਈ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਤੇ ਲੋਕ ਉਨ੍ਹਾਂ ਆਗੂਆਂ ਦੇ ਨਾਲ ਖੜ੍ਹੇ ਹਨ ਜੋ ਕਿ ਦੇਸ਼ ਦੇ ਵਿਕਾਸ, ਸੁਰੱਖਿਆ ਤੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਰਾਸ਼ਟਰ ਹਿੱਤ ਵਾਲੀ ਰਾਜਨੀਤੀ ਨੂੰ ਤਰਜ਼ੀਹ ਦਿੰਦੀ ਹੈ |