ਜ਼ੀਰਕਪੁਰ, 20 ਮਈ (ਹੈਪੀ ਪੰਡਵਾਲਾ)- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਨੂੰ ਅਪਣਾਉਣਾ ਚਾਹੁੰਦੇ ਹਨ ਅਤੇ ਸਾਲ 2027 'ਚ ਭਾਜਪਾ ਦੀ ਸਰਕਾਰ ਬਣਾ ਕੇ ਸੂਬੇ 'ਚ ਡਬਲ ਇੰਜਣ ਸਰਕਾਰ ਰਾਹੀਂ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ | ਉਹ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੇ ਜ਼ੀਰਕਪੁਰ ਸਥਿਤ ਦਫ਼ਤਰ 'ਚ ਨਗਰ ਕੌਂਸਲ ਚੋਣਾਂ ਬਾਬਤ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ | ਇਸ ਤੋਂ ਪਹਿਲਾਂ ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੇ ਚੰਡੀਗੜ੍ਹ 'ਚ ਕਰੀਬ 12 ਕਰੋੜ ਰੁ. ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਰੇਲਵੇ ਅੰਡਰਬਿ੍ਜ ਦਾ ਉਦਘਾਟਨ ਕੀਤਾ, ਜੋ ਕਿ ਜ਼ੀਰਕਪੁਰ ਦੇ ਬਲਟਾਣਾ ਖੇਤਰ ਦੇ ਹਜ਼ਾਰਾਂ ਲੋਕਾਂ ਲਈ ਆਵਾਜਾਈ ਪੱਖੋਂ ਲਾਹੇਵੰਦ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਚੰਡੀਗੜ੍ਹ 'ਚ ਰੋਜ਼ਾਨਾ ਲੱਖਾਂ ਵਾਹਨਾਂ ਦੀ ਆਵਾਜਾਈ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਗੁਰਦਰਸ਼ਨ ਸਿੰਘ ਸੈਣੀ ਨਾਲ ਉਨ੍ਹਾਂ ਦਾ ਰਿਸ਼ਤਾ ਤਿੰਨ ਦਹਾਕਿਆਂ ਤੋਂ ਵੱਧ ਪੁਰਾਣਾ ਹੈ | ਉਨ੍ਹਾਂ ਦੱਸਿਆ ਕਿ ਸੈਣੀ ਦੇ ਪਿਤਾ ਗੁਰਨਾਮ ਸਿੰਘ ਸੈਣੀ ਬੋਰਿੰਗ ਦੇ ਖੇਤਰ 'ਚ ਮੰਨੀ-ਪ੍ਰਮੰਨੀ ਸ਼ਖ਼ਸੀਅਤ ਸਨ | ਉਨ੍ਹਾਂ ਗੁਰਦਰਸ਼ਨ ਸਿੰਘ ਸੈਣੀ ਦੀ ਅਪੀਲ 'ਤੇ ਜਲਦ ਹੀ ਢਕੌਲੀ ਅਤੇ ਡੇਰਾਬੱਸੀ 'ਚ ਵੀ ਰੇਲਵੇ ਅੰਡਰਬਿ੍ਜ ਪਾਸ ਕਰਨ ਦੀ ਹਾਮੀ ਭਰੀ | ਨਗਰ ਕੌਂਸਲ ਚੋਣਾਂ ਦੇ ਸੰਦਰਭ 'ਚ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਦਬਾਅ ਅਤੇ ਧਾਂਦਲੀ ਰਾਹੀਂ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਸੰਬੰਧੀ ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਚੋਣਾਂ ਦੌਰਾਨ ਧਾਂਦਲੀ ਕਰਨ ਜਾਂ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਕਰਵਾਉਣ ਦੀ ਅਪੀਲ ਕੀਤੀ | ਕੇਂਦਰੀ ਮੰਤਰੀ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਹਨ ਤੇ ਭਾਜਪਾ ਨੇ ਹਰ ਵਾਰਡ 'ਚ ਆਪਣੇ ਉਮੀਦਵਾਰ ਉਤਾਰ ਕੇ ਜਿੱਤ ਦਾ ਅਭਿਆਨ ਸ਼ੁਰੂ ਕਰ ਦਿੱਤਾ ਹੈ |