ਐੱਸ. ਏ. ਐੱਸ. ਨਗਰ, 21 ਮਈ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ 'ਵਿਜ਼ਨ ਦਸਤਾਵੇਜ਼' ਜਾਰੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਸਿਮਰਨ ਢਿੱਲੋਂ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਅਤੇ ਗੁਰਕਿ੍ਪਾਲ ਸਿੰਘ ਸਿੱਧੂ ਆਦਿ ਆਗੂ ਵੀ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਮੌਕੇ ਮੁਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 2500 ਕਰੋੜ ਰੁ. ਖ਼ਰਚੇ ਗਏ ਸਨ | ਮੁਹਾਲੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਇਕ ਆਧੁਨਿਕ ਸ਼ਹਿਰ ਬਣਾਉਣ ਲਈ ਕਈ ਇਤਿਹਾਸਕ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ ਜਿਨ੍ਹਾਂ 'ਚ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਾਪਨਾ, ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਤੇ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਵਿਸਥਾਰ ਆਦਿ ਸ਼ਾਮਿਲ ਸਨ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਹੀ ਸ਼ਹਿਰ ਦੀ ਪ੍ਰਮੁੱਖ ਸ਼ਾਪਿੰਗ ਸਟਰੀਟ ਵਾਲੀ ਸੜਕ ਨੂੰ ਡਬਲ ਕਰਨ ਸਮੇਤ ਟਰੈਫ਼ਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਸਨ ਜਿਸ ਨਾਲ ਮੁਹਾਲੀ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੀ ਸੀ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਯੋਜਨਾਬੱਧ ਵਿਕਾਸ ਨੂੰ ਤਰਜ਼ੀਹ ਦਿੱਤੀ ਸੀ | ਇਸੇ ਦੌਰਾਨ ਸੋਹਾਣਾ ਸਮੇਤ ਹੋਰਨਾਂ ਆਗੂਆਂ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ 'ਚ ਆਉਂਦੇ ਸਮੇਂ ਲਈ ਕਈ ਵੱਡੇ ਵਾਅਦੇ ਵੀ ਕੀਤੇ ਗਏ | ਆਗੂਆਂ ਨੇ ਕਿਹਾ ਕਿ ਜੇਕਰ ਨਗਰ ਨਿਗਮ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਮੁਹਾਲੀ ਦੇ ਨਵੇਂ ਵਿਕਸਿਤ ਖੇਤਰਾਂ 'ਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ, ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਹਾਲਤ ਸੁਧਾਰਨ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਵਿਜ਼ਨ ਦਸਤਾਵੇਜ਼ ਸਿਰਫ਼ ਵਾਅਦਿਆਂ ਦਾ ਪੱਤਰ ਨਹੀਂ, ਸਗੋਂ ਮੁਹਾਲੀ ਦੇ ਭਵਿੱਖ ਦੇ ਵਿਕਾਸ ਦਾ ਇਕ ਵਿਸਥਾਰਪੂਰਵਕ ਖਾਕਾ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇਗਾ |