ਲਾਲੜੂ, 22 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਚੋਣਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵਾ. ਨੰ. 6, 8, 10, 11, 12, 13, 14, 15 ਅਤੇ 16 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਰੱਖੀਆਂ ਗਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ 'ਚ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦੀ ਹੋਈ ਲਗਾਤਾਰ ਲੋਕ-ਹਿੱਤ 'ਚ ਫ਼ੈਸਲੇ ਲੈ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ 'ਚ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲਾਲੜੂ ਦੇ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਇਹ ਸਾਬਿਤ ਕਰਦਾ ਹੈ ਕਿ ਲੋਕ ਹੁਣ ਰਵਾਇਤੀ ਅਤੇ ਵਾਅਦਿਆਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਕੰਮ ਕਰਨ ਵਾਲੀ ਸਰਕਾਰ ਅਤੇ ਵਿਕਾਸ ਦੀ ਸੋਚ ਨੂੰ ਤਰਜ਼ੀਹ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਪਿਆਰ ਅਤੇ ਵਿਸ਼ਵਾਸ ਸਪੱਸ਼ਟ ਕਰਦਾ ਹੈ ਕਿ ਆਉਣ ਵਾਲੇ ਸਮੇਂ 'ਚ ਵੀ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਸਮਰਥਨ ਮਿਲੇਗਾ | ਉਨ੍ਹਾਂ ਕਿਹਾ ਕਿ ਲਾਲੜੂ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਪਾਰਟੀ ਵਲੋਂ ਲਗਾਤਾਰ ਯਤਨ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਰ ਖੇਤਰ 'ਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਚੋਣ ਮੀਟਿੰਗਾਂ 'ਚ ਵੱਡੀ ਗਿਣਤੀ 'ਚ ਪਹੁੰਚੇ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਸਾਥ ਅਤੇ ਵਿਸ਼ਵਾਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਸਹਿਯੋਗ ਨਾਲ ਵਿਕਾਸ ਦੇ ਨਵੇਂ ਅਧਿਆਏ ਲਿਖੇ ਜਾਣਗੇ |