ਮਾਜਰੀ, 24 ਮਈ (ਕੁਲਵੰਤ ਸਿੰਘ ਧੀਮਾਨ)- ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਤੀਮਾਰਦਾਰਾਂ ਨੂੰ ਤੇਜ਼ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਬਤ ਜਾਗਰੂਕ ਕੀਤਾ ਗਿਆ | ਐੱਸ. ਐੱਮ. ਓ. ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਡਾ. ਅਰੁਣ ਬਾਂਸਲ ਨੇ ਹਾਜ਼ਰੀਨਾਂ ਨੂੰ ਦੱਸਿਆ ਕਿ ਅੱਜ ਕੱਲ੍ਹ ਲੂ ਦਾ ਮੌਸਮ ਚੱਲ ਰਿਹਾ ਹੈ, ਲਿਹਾਜ਼ਾ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ ਜਿਨ੍ਹਾਂ 'ਚ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ ਤੇ ਓ. ਆਰ. ਐਸ. ਦਾ ਘੋਲ ਆਦਿ ਸ਼ਾਮਿਲ ਹਨ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਜਾਂ ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ | ਇਸ ਤੋਂ ਇਲਾਵਾ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ | ਉਨ੍ਹਾਂ ਦੱਸਿਆ ਕਿ ਦਿਨ ਵੇਲੇ ਘਰਾਂ ਦੀਆਂ ਤਾਕੀਆਂ ਤੇ ਦਰਵਾਜ਼ੇ ਬੰਦ ਰੱਖੇ ਜਾਣ ਤੇ ਬਾਹਰ ਨਿਕਲਣ ਸਮੇਂ ਸਿਰ ਢੱਕਿਆ ਜਾਵੇ ਤੇ ਐਨਕ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਸਿਰ ਢੱਕ ਕੇ ਰੱਖਿਆ ਜਾਵੇ ਤੇ ਤਲੇ ਹੋਏ ਤੇ ਬਾਸੀ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ 'ਚ ਨਾ ਛੱਡਿਆ ਜਾਵੇ ਤੇ ਸ਼ਰਾਬ, ਚਾਹ, ਕੌਫ਼ੀ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਕੀਤਾ ਜਾਵੇ | ਇਸ ਮੌਕੇ ਡਾ. ਤਪਿੰਦਰ ਸਿੰਘ ਵੀ ਹਾਜ਼ਰ ਸਨ |