ਐੱਸ. ਏ. ਐੱਸ. ਨਗਰ, 25 ਮਈ (ਪ੍ਰੋ. ਅਵਤਾਰ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਇਕ ਪੁਲਿਸ ਅਧਿਕਾਰੀ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਰਾਹੀਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਰਾਹੀਂ ਚੋਣ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਗਿਆ ਹੈ ਕਿ ਮੁਹਾਲੀ ਪੁਲਿਸ ਦੇ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਤੇ ਵਾ. ਨੰ. 10 ਤੋਂ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ | ਉਨ੍ਹਾਂ ਖੁਲਾਸਾ ਕੀਤਾ ਕਿ ਉਕਤ ਅਧਿਕਾਰੀ ਵਲੋਂ ਗੱਡੀਆਂ ਰਾਹੀਂ ਹਲਕੇ 'ਚ ਗ਼ੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੰਡੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਕਾਲੇ ਰੰਗ ਦੀ ਸਕਾਰਪੀਓ ਗੱਡੀ, ਜੋ ਕਿ ਪੁਲਿਸ ਕਰਮਚਾਰੀ ਬਲਵਿੰਦਰ ਸਿੰਘ ਦੀ ਦੱਸੀ ਜਾ ਰਹੀ ਹੈ, 'ਚੋਂ ਤੇਜ਼ਧਾਰ ਹਥਿਆਰ, ਪੁਲਿਸ ਅਧਿਕਾਰੀ ਦੀ ਵਰਦੀ ਤੇ ਵੱਡੀ ਗਿਣਤੀ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੇ ਨਾਲ ਚੋਣ ਕਮਿਸ਼ਨਰ ਨੂੰ ਤਸਵੀਰਾਂ, ਵੀਡੀਓ ਕਲਿੱਪਾਂ ਤੇ ਸੀ. ਸੀ. ਟੀ. ਵੀ. ਦੀ ਫੁਟੇਜ਼ ਵੀ ਮੁਹੱਈਆ ਕਰਵਾਈ ਗਈ ਹੈ, ਜਿਸ 'ਚ ਪੁਲਿਸ ਦੇ ਸਟਿੱਕਰ ਵਾਲੀ ਗੱਡੀ ਦੀ ਵਰਤੋਂ ਚੋਣਾਂ ਲਈ ਸ਼ਰਾਬ ਦੀ ਸਪਲਾਈ ਕਰਨ ਵਾਸਤੇ ਹੁੰਦੀ ਦਿਖਾਈ ਦੇ ਰਹੀ ਹੈ | ਉਨ੍ਹਾਂ ਇਸ ਨੂੰ ਪੁਲਿਸ ਤੰਤਰ ਤੇ ਸਰਕਾਰੀ ਰਸੂਖ ਦੀ ਸ਼ਰ੍ਹੇਆਮ ਦੁਰਵਰਤੋਂ ਦੱਸਿਆ ਹੈ | ਉਨ੍ਹਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਬਹਾਲ ਰੱਖਣ ਲਈ ਤੁਰੰਤ ਸੁਤੰਤਰ ਜਾਂਚ, ਗੱਡੀਆਂ ਤੇ ਵੀਡੀਓ ਜ਼ਬਤ ਕਰਨ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਵਿਭਾਗੀ ਤੇ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ | ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪ੍ਰਦੀਪ ਸਿੰਘ ਤੰਗੌਰੀ ਬਲਾਕ ਪ੍ਰਧਾਨ ਮੁਹਾਲੀ ਦਿਹਾਤੀ ਤੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਮੁਕੁਲ ਸ਼ਰਮਾ ਆਦਿ ਹਾਜ਼ਰ ਸਨ |