ਗੈਂਗਸਟਰਾਂ 'ਤੇ ਵਾਰ ਦਾ 126ਵਾਂ ਦਿਨ
ਅਜੀਤ ਡੈਸਕ
27-05-2026
ਪੰਜਾਬ ਪੁਲਿਸ ਵਲੋਂ 509 ਥਾਈਾ ਛਾਪੇਮਾਰੀ-229 ਗਿ੍ਫ਼ਤਾਰ
ਯੁੱਧ ਨਸ਼ਿਆਂ ਵਿਰੁੱਧ ਦੇ 451ਵੇਂ ਦਿਨ 25 ਨਸ਼ਾ ਤਸਕਰ ਗਿ੍ਫ਼ਤਾਰ
ਚੰਡੀਗੜ੍ਹ, 26 ਮਈ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਦੇ 126ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 509 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 126ਵੇਂ ਦਿਨ ਪੁਲਿਸ ਟੀਮਾਂ ਨੇ 229 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ 32,187 ਹੋ ਗਈਆਂ | ਇਸ ਤੋਂ ਇਲਾਵਾ 104 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ ਨੂੰ 451ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 25 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 513 ਗ੍ਰਾਮ ਹੈਰੋਇਨ ਅਤੇ 20,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ | ਇਸ ਨਾਲ ਸਿਰਫ 451 ਦਿਨਾਂ ਵਿੱਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,502 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |