ਐੱਸ. ਏ. ਐੱਸ. ਨਗਰ, 26 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ 'ਤੇ ਗੰਭੀਰ ਸਵਾਲ ਉਠਾਉਂਦਿਆਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਲਾਭ ਪਹੁੰਚਾਉਣ ਲਈ ਪੱਖਪਾਤ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਈ ਥਾਵਾਂ 'ਤੇ ਪੁਲਿਸ ਨੇ ਆਪਣੀ ਨਿਰਪੱਖ ਭੂਮਿਕਾ ਨਹੀਂ ਨਿਭਾਈ | ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਸੋਹਾਣਾ ਦੇ ਪੋਲਿੰਗ ਬੂਥ 'ਤੇ ਤਾਇਨਾਤ ਥਾਣਾ ਸੋਹਾਣਾ ਦੇ ਐੱਸ. ਐੱਚ. ਓ. ਸਿਮਰਪ੍ਰੀਤ ਸਿੰਘ ਵਲੋਂ 'ਆਪ' ਉਮੀਦਵਾਰ ਦੇ ਹੱਕ ਵਿਚ ਕੰਮ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਥੇ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਸ਼ਿਕਾਇਤਾਂ ਦੇ ਬਾਵਜੂਦ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੀ ਪਤਨੀ, ਜੋ ਕਿ ਸਾਬਕਾ ਕੌਂਸਲਰ ਰਹਿ ਚੁੱਕੇ ਹਨ, ਨਾਲ ਵੀ ਦੁਰਵਿਵਹਾਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਥਾਂ ਅਕਾਲੀ ਦਲ ਦੇ ਵਰਕਰਾਂ ਨੂੰ ਹੀ ਧਮਕਾਇਆ | ਉਨ੍ਹਾਂ ਮੰਗ ਕੀਤੀ ਕਿ ਚੋਣਾਂ ਦੌਰਾਨ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਾਰੀ ਫੁਟੇਜ ਸੁਰੱਖਿਅਤ ਰੱਖੀ ਜਾਵੇ ਅਤੇ ਇਸ ਦੀ ਜਾਂਚ ਕਰਵਾਈ ਜਾਵੇ | ਉਨ੍ਹਾਂ ਖਦਸ਼ਾ ਜਤਾਇਆ ਕਿ ਕੁਝ ਥਾਵਾਂ 'ਤੇ ਕੈਮਰਿਆਂ ਨਾਲ ਛੇੜਛਾੜ ਵੀ ਹੋ ਸਕਦੀ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੇਕਰ ਪੁਲਿਸ ਦੇ ਉੱਚ ਅਧਿਕਾਰੀ ਸਮੇਂ ਸਿਰ ਮੌਕੇ 'ਤੇ ਨਾ ਪੁੱਜਦੇ ਤਾਂ ਕੁਝ ਪੋਲਿੰਗ ਬੂਥਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੋ ਸਕਦੀ ਸੀ | ਉਨ੍ਹਾਂ ਐਲਾਨ ਕੀਤਾ ਕਿ ਇਸ ਮਾਮਲੇ ਸੰਬੰਧੀ ਪੰਜਾਬ ਰਾਜ ਚੋਣ ਕਮਿਸ਼ਨ, ਡੀ. ਜੀ. ਪੀ. ਪੰਜਾਬ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜੀ ਜਾਵੇਗੀ | ਉਨ੍ਹਾਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪੁਲਿਸ ਪ੍ਰਸ਼ਾਸਨ ਜਾਂ ਆਮ ਆਦਮੀ ਪਾਰਟੀ ਵਲੋਂ ਇਨ੍ਹਾਂ ਦੋਸ਼ਾਂ ਸੰਬੰਧੀ ਕੋਈ ਅਧਿਕਾਰਕ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਸੀ |