ਚੰਡੀਗੜ੍ਹ, 27 ਮਈ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਗਿਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਨਵੀਆਂ ਯੋਜਨਾਵਾਂ ਤਿਆਰ ਕਰ ਰਹੀਆਂ ਹਨ | ਇਸ ਦੇ ਲਈ ਸੂਬੇ ਵਿਚ ਕੰਮ ਕਰ ਰਹੇ ਸਾਰੇ ਗਿਗ ਵਰਕਰਾਂ ਦਾ ਵਿਸ਼ੇਸ਼ ਮੁਹਿੰਮ ਚਲਾ ਕੇ ਰਜਿਸਟਰੇਸ਼ਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਉਠਾਉਣ ਲਈ ਜਾਗਰੂਕ ਕੀਤਾ ਜਾਵੇ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਚ ਹਰਿਆਣਾ ਵਿਜ਼ਨ 2047 ਦੇ ਤਹਿਤ ਕਿਰਤ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਤੇ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਦਿੱਤੇ | ਉਨ੍ਹਾਂ ਨੇ ਗੈਰ-ਸੰਗਠਿਤ ਖੇਤਰ ਦੇ ਕਾਮਿਆਂ ਦੀ ਭਲਾਈ ਤੇ ਵਰਕ ਫੋਰਸ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਦੇ ਸਬੰਧ ਵਿਚ ਵੀ ਅਧਿਕਾਰੀਆਂ ਨੂੰ ਵਿਆਪਕ ਦਿਸ਼ਾ-ਨਿਰਦੇਸ਼ ਦਿੱਤੇ | ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਚਾਲੂ ਵਿੱਤੀ ਸਾਲ ਦੇ ਬਜਟ ਵਿਚ ਗਿਗ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਤੇ ਹੋਰ ਲਾਭ ਦੇਣ ਦਾ ਐਲਾਨ ਕੀਤਾ ਸੀ | ਇਸੇ ਤਰ੍ਹਾਂ ਕੇਂਦਰ ਸਰਕਾਰ ਵੀ ਗਿਗ ਵਰਕਰਾਂ ਦੀ ਭਲਾਈ ਲਈ ਯੋਜਨਾ ਬਣਾ ਰਹੀ ਹੈ | ਯੋਗ ਵਿਅਕਤੀਆਂ ਤੱਕ ਉਚਿੱਤ ਲਾਭ ਪਹੁੰਚਾਉਣ ਲਈ ਇਹ ਜ਼ਰੂਰੀ ਹੈ ਕਿ ਸਾਰੇ ਗਿਗ ਵਰਕਰਾਂ ਦਾ ਰਜਿਸਟਰੇਸ਼ਨ ਕੀਤਾ ਜਾਵੇ, ਇਸ ਕਾਰਜ ਨੂੰ ਜਲਦੀ ਪੂਰਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ | ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੀਵ ਰੰਜਨ ਨੇ ਦੱਸਿਆ ਕਿ ਇਸ ਸਮੇਂ ਸੂਬੇ ਵਿਚ 21777 ਗਿਗ ਵਰਕਰਾਂ ਦੇ ਰਜਿਸਟਰੇਸ਼ਨ ਕੀਤੇ ਜਾ ਚੁੱਕੇ ਹਨ ਤੇ ਬਾਕੀ ਬਚੇ ਗਿਗ ਵਰਕਰਾਂ ਦੇ ਰਜਿਸਟਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ | ਇਸ ਲਈ ਵਿਭਾਗ ਵੱਲੋਂ ਸਬੰਧਿਤ ਪਲੇਟਫ਼ਾਰਮ 'ਤੇ ਕਰਮਚਾਰੀਆਂ ਨੂੰ ਭੇਜ ਕੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਗਿਗ ਵਰਕਰਾਂ ਦੇ ਰਜਿਸਟਰੇਸ਼ਨ ਤੇ ਹੋਰ ਕਾਮਿਆਂ ਤੱਕ ਯੋਜਨਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਕੀਤੇ ਜਾਣ ਵਾਲੇ ਕਾਰਜਾਂ ਦਾ ਪੂਰਾ ਕਲੰਡਰ ਬਣਾ ਕੇ ਦੇਣ | ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਰਤ ਵਿਭਾਗ ਰਾਹੀਂ ਸ਼੍ਰਮਿਕਾਂ (ਮਜ਼ਦੂਰਾਂ) ਲਈ 30 ਤੋਂ ਵੱਧ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ | ਇਨ੍ਹਾਂ ਯੋਜਨਾਵਾਂ ਨੂੰ ਸ਼੍ਰਮਿਕਾਂ ਤੱਕ ਪ੍ਰਭਾਵੀ ਢੰਗ ਨਾਲ ਪਹੁੰਚਾਉਣ ਲਈ ਕਿਰਤ ਵਿਭਾਗ ਦਾ ਸੰਰਚਨਾਤਮਿਕ ਪੁਨਰਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗਰੀਨ ਜੌਬ ਵਿਚ ਵੀ ਮਹਿਲਾਵਾਂ ਦੀ ਭਾਗੀਦਾਰੀ ਵਧਾਈ ਜਾਵੇਗੀ | ਸਰਕਾਰ ਦਾ ਟੀਚਾ ਅਰਥਵਿਵਸਥਾ ਵਿਚ ਮਹਿਲਾਵਾਂ ਦੀ ਭਾਗੀਦਾਰੀ ਨੂੰ ਰਾਸ਼ਟਰੀ ਅÏਸਤ ਤੋਂ ਉੱਪਰ ਲੈ ਕੇ ਜਾਣਾ ਹੈ | ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੀਵ ਰੰਜਨ, ਡਿਪਾਰਟਮੈਂਟ ਆਫ਼ ਫਿਊਚਰ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਅਮਨੀਤ ਪੀ ਕੁਮਾਰ, ਮੁੱਖ ਮੰਤਰੀ ਦੇ ਓ.ਐਸ.ਡੀ. ਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ ਤੇ ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਯਸ਼ਪਾਲ ਯਾਦਵ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |